ਨਵਕਿਰਨ ਸਿੰਘ
ਮਹਿਲ ਕਲਾਂ, 21 ਮਾਰਚ
ਵਿਧਾਨ ਸਭਾ ਚੋਣਾਂ ’ਚ ਹਲਕਾ ਮਹਿਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਬਸਪਾ ਗੱਠਜੋੜ ਦੇ ਉਮੀਦਵਾਰ ਰਹੇ ਚਮਕੌਰ ਸਿੰਘ ਵੀਰ ਨੇ ਆਪਣੀ ਹਾਰ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਥਾਨਕ ਆਗੂ ਨੂੰ ਜ਼ਿੰਮੇਵਾਰ ਦੱਸਿਆ ਹੈ। ਮਹਿਲ ਕਲਾਂ ਬਸਪਾ ਉਮੀਦਵਾਰ ਚਮਕੌਰ ਸਿੰਘ ਵੀਰ 10,394 ਵੋਟਾਂ ਨਾਲ ਚੌਥੇ ਸਥਾਨ ’ਤੇ ਰਹੇ ਸਨ। ਉਹ ਮਹਿਜ਼ ਨੌਂ ਫ਼ੀਸਦ ਵੋਟਾਂ ਹਾਸਲ ਕਰ ਸਕੇ।
ਅੱਜ ਮਹਿਲ ਕਲਾਂ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਦੇ ਆਗੂ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪੱਕਾ ਵੋਟ ਬੈਂਕ ਉਨ੍ਹਾਂ ਨੂੰ ਭੁਗਤਣ ਦੀ ਬਜਾਇ ਵਿਰੋਧੀ ਉਮੀਦਵਾਰਾਂ ਨੂੰ ਭੁਗਤਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਿਰੋਲ ਪੇਂਡੂ ਹਲਕਾ ਹੋਣ ਕਾਰਨ ਇੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੱਕੀ ਵੋਟ ਹੈ। 2017 ਦੀਆਂ ਚੋਣਾਂ ਵਿੱਚ ਇਸ ਇਲਾਕੇ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਹੋਣ ਦੇ ਬਾਵਜੂਦ ਅਕਾਲੀ ਉਮੀਦਵਾਰ ਨੂੰ 30,487 ਵੋਟ ਪਏ ਸਨ। ਉਨ੍ਹਾਂ ਕਿਹਾ ਕਿ ਸਥਾਨਕ ਅਕਾਲੀ ਆਗੂਆਂ ਨੇ ਪੱਕੀ ਵੋਟ ਵਿਰੋਧੀਆਂ ਨੂੰ ਭੁਗਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਨੂੰ ਸਬੂਤਾਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੱਗੇ ਰੱਖਣਗੇ। ਇਸ ਮੌਕੇ ਬਸਪਾ ਦੇ ਕਾਰਜਕਾਰੀ ਪ੍ਰਧਾਨ ਹਰਬੰਸ ਸਿੰਘ ਛੀਨੀਵਾਲ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ, ਹਵਾ ਸਿੰਘ ਹਨ੍ਹੇਰੀ ਤੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਕੈਂਥ ਆਦਿ ਹਾਜ਼ਰ ਸਨ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸੰਤ ਬਲਬੀਰ ਸਿੰਘ ਘੁੰਨਸ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਚਮਕੌਰ ਸਿੰਘ ਵੀਰ ਦੀ ਚੋਣ ਮੁਹਿੰਮ ਵਿਚ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੱਲਿਓਂ ਪੈਸੇ ਖ਼ਰਚ ਕੇ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕੱਲਾ ਹਲਕਾ ਮਹਿਲ ਕਲਾਂ ਨਹੀਂ ਬਲਕਿ ਸੂਬੇ ਦੇ ਕਈ ਵੱਡੇ ਆਗੂ ਵੀ ਚੋਣ ਹਾਰ ਗਏ ਹਨ।
ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ: ਰੋਮਾਣਾ
ਫ਼ਰੀਦਕੋਟ (ਜਸਵੰਤ ਜੱਸ): ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੋਣ ਨਤੀਜਿਆਂ ਤੋਂ ਬਾਅਦ ਇੱਥੇ ਵਰਕਰਾਂ ਦੀ ਪਲੇਠੀ ਮੀਟਿੰਗ ਸੱਦੀ ਗਈ। ਇਸ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸੰਬੋਧਨ ਕੀਤਾ। ਬੰਟੀ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਸਖ਼ਤ ਮਿਹਨਤ ਕੀਤੀ, ਇਸ ਦੇ ਬਾਵਜੂਦ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਬਾਵਜੂਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹਨ ਅਤੇ ਅਕਾਲੀ ਦਲ ਦੇ ਵਰਕਰ ਤੇ ਆਗੂ ਹੁਣੇ ਤੋਂ ਹੀ ਅਗਲੀਆਂ ਚੋਣਾਂ ਲਈ ਤਿਆਰੀ ਵਿੱਚ ਲੱਗ ਗਏ ਹਨ। ਸ੍ਰੀ ਰੋਮਾਣਾ ਨੇ ਕਿਹਾ ਕਿ ਸੂਬੇ ਭਰ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਆਗੂ ਤੇ ਵਰਕਰ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਲਈ ਕੰਮ ਕਰਦਾ ਰਹੇਗਾ।