ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 17 ਅਪਰੈਲ
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਵਿੱਚ ਸਾਥੀ ਕਲਾਕਾਰ ਵੀ ਧੂਮ-ਧਾਮ ਨਾਲ ਸ਼ਾਮਲ ਹੋ ਰਹੇ ਹਨ। ਕਰਮਜੀਤ ਦੇ ਸਾਥੀ ਕਲਾਕਾਰ ਬੀਨੂੰ ਢਿੱਲੋਂ ਇੱਕ ਦਰਜਨ ਤੋਂ ਵੱਧ ਚੋਣ ਸਭਾਵਾਂ ਫਰੀਦਕੋਟ ਲੋਕ ਸਭਾ ਹਲਕੇ ਵਿੱਚ ਕਰ ਚੁੱਕੇ ਹਨ। ਕਲਾਕਾਰ ਸੋਨੀਆ ਮਾਨ ਨੇ ਵੀ ਕਰਮਜੀਤ ਅਨਮੋਲ ਦੇ ਹੱਕ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਅੱਜ ਚੋਣ ਰੈਲੀਆਂ ਕੀਤੀਆਂ। ਸੋਨੀਆ ਮਾਨ ਨੇ ਕਿਹਾ ਕਿ ਕਲਾਕਾਰ ਸਮਾਜ ਦਾ ਸ਼ੀਸ਼ਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇੱਕ ਪੰਜਾਬੀ ਕਲਾਕਾਰ ਹਨ ਅਤੇ ਉਹ ਪੰਜਾਬ ਦੇ ਸਭ ਤੋਂ ਮਜ਼ਬੂਤ ਮੁੱਖ ਮੰਤਰੀ ਸਾਬਤ ਹੋ ਰਹੇ ਹਨ। ਸੋਨੀਆ ਮਾਨ ਨੇ ਕਿਹਾ ਕਿ ਕਰਮਜੀਤ ਅਨਮੋਲ ਫਰੀਦਕੋਟ ਲੋਕ ਸਭਾ ਹਲਕੇ ਦੇ ਵਿਕਾਸ ਲਈ ਹਰ ਤਰ੍ਹਾਂ ਦਾ ਯੋਗਦਾਨ ਪਾਉਣਗੇ। ਪੰਜਾਬੀ ਗਾਇਕ ਅਤੇ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵੀ ਕਰਮਜੀਤ ਅਨਮੋਲ ਦੀ ਸਫ਼ਲਤਾ ਲਈ ਮਿਹਨਤ ਕਰ ਰਹੇ ਹਨ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਗਲੇ ਹਫਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕਰਮਜੀਤ ਅਨਮੋਲ ਦੇ ਚੋਣ ਪ੍ਰਚਾਰ ਵਿੱਚ ਸ਼ਾਮਲ ਹੋ ਰਹੇ ਹਨ।