ਪੀਟੀਏ ਫੰਡ ਵਸੂਲਣ ਖ਼ਿਲਾਫ਼ ਕਾਲਜ ਪ੍ਰਿੰਸੀਪਲ ਦੀ ਅਰਥੀ ਫੂਕੀ
ਇਥੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਕਾਲਜ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਕਾਲਜ ਦੇ ਕਾਰਜਕਾਰੀ ਪ੍ਰਿਸੀਪਲ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਲਜ ਪ੍ਰਸ਼ਾਸਨ ਵੱਲੋਂ ਐੱਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਣ ਦੇ ਵਿਰੋਧ ’ਚ ਕੀਤਾ ਗਿਆ।
ਜੁੜੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਾਲਜ ਪ੍ਰਸ਼ਾਸਨ ਇਸ ਸਾਲ ਵੀ ਐੱਸਸੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਸੀ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਪਰ ਕਾਲਜ ਪ੍ਰਸ਼ਾਸਨ ਵੱਲੋਂ ਹਰ ਵਾਰ ਦਾਖ਼ਲੇ ਸਮੇਂ ਵਿਦਿਆਰਥੀਆਂ ਨੂੰ ਖੱਜਲ-ਖੁਆਰ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਜਥੇਬੰਦੀ ਦੇ ਸੂਬਾ ਸਕੱਤਰ ਸੋਨੂੰ ਝੱਬਰ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਪਰ ਹਾਲੇ ਤੱਕ ਵਿਦਿਆਰਥੀਆਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਕਾਰਜਕਾਰੀ ਪ੍ਰਿੰਸੀਪਲ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਜੇਕਰ ਕਾਲਜ ਪ੍ਰਸ਼ਾਸਨ ਵਿਦਿਆਰਥੀਆਂ ਦੇ ਦਾਖ਼ਲਾ ਬਿਨਾਂ ਪੀਟੀਏ ਫੰਡ ਤੋਂ ਨਹੀਂ ਕਰਵਾਉਦਾ ਤਾਂ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਥੇਬੰਦੀ ਵੱਲੋਂ ਵਿਦਿਆਰਥੀਆਂ ਦਾ ਪੀਟੀਏ ਫੰਡ ਮੁਆਫ਼ ਕਰਵਾਉਣਾ ਲਈ 13 ਅਗਸਤ ਨੂੰ ਜ਼ਿਲ੍ਹਾ ਭਲਾਈ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਨਰਿੰਦਰ ਸਿੰਘ,ਗੁਰਯਾਦ ਸਿੰਘ, ਸ਼ਨੀ ਮਾਨਸਾ,ਕਿਰਨਦੀਪ ਕੌਰ,ਸ਼ਨੀ ਸਿੰਘ ਬੋਹਾ, ਮਨਦੀਪ ਕੌਰ ਅਤੇ ਸੁਖਜੀਤ ਮੌੜ ਨੇ ਵੀ ਸੰਬੋਧਨ ਕੀਤਾ।