ਜਗਜੀਤ ਸਿੰਘ
ਤਲਵੰਡੀ ਸਾਬੋ, 20 ਅਕਤੂਬਰ
ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੀਵਰੇਜ ਅਤੇ ਰਾਈਜ਼ਿੰਗ ਦੇ ਕੰਮ ਦਾ ਨੀਂਹ ਪੱਥਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾਕਟਰ ਇੰਦਰਬੀਰ ਸਿੰਘ ਨਿੱਝਰ ਵੱਲੋਂ ਰੱਖਿਆ ਗਿਆ। ਦੱਸਣਯੋਗ ਹੈ ਕਿ ਬਰਸਾਤਾਂ ਦੇ ਦਿਨਾਂ ਵਿੱਚ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਜਾਂਦੇ ਮੁੱਖ ਰਸਤਿਆਂ ਵਿੱਚ ਭਰ ਜਾਂਦਾ ਸੀ ਜਿਸ ਕਾਰਨ ਰਸਤੇ ਬੰਦ ਹੋ ਜਾਂਦੇ ਸਨ ਤੇ ਸ਼ਰਧਾਲੂਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਲਾਕਾ ਵਾਸੀਆਂ ਦੀ ਲੰਮੇ ਸਮੇਂ ਤੋਂ ਇਹ ਮੰਗ ਸੀ ਕਿ ਇਸ ਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਇਸ ਕਾਰਜ ਦਾ ਅੱਜ ਨੀਂਹ ਪੱਥਰ ਰੱਖੇ ਜਾਣ ਨਾਲ ਇਲਾਕੇ ਦੇ ਲੋਕਾਂ ਦੀ ਮੁੱਖ ਸਮੱਸਿਆ ਹੱਲ ਹੋਣ ਦੀ ਆਸ ਬੱਝੀ ਹੈ। ਨੀਂਹ ਪੱਥਰ ਤੋਂ ਪਰਦਾ ਹਟਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਨਿੱਝਰ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਨੂੰ ਜਾਣਾ ਇੱਕ ਵੱਡੀ ਸਮੱਸਿਆ ਸੀ। ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਵਿਚਾਰਾਂ ਸਾਂਝੀਆਂ ਹੋਈਆਂ। ਪੰਜਾਬ ਸਰਕਾਰ ਵੱਲੋਂ ਹੁਣ ਇਸ ਮਸਲੇ ਹੱਲ ਲਈ ਸੀਵਰ ਅਤੇ ਰਾਈਜ਼ਿੰਗ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ। ਜੇਕਰ ਇਸ ਕੰਮ ਲਈ ਹੋਰ ਪੈਸਿਆਂ ਦੀ ਲੋੜ ਪਈ ਤਾਂ ਪੰਜਾਬ ਸਰਕਾਰ ਹੱਥ ਨਹੀਂ ਘੁੱਟੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਇਹ ਕਾਰਜ ਵਿਸਾਖੀ ਮੇਲਾ 2023 ਤੋਂ ਪਹਿਲਾਂ ਨੇਪਰੇ ਚਾੜ੍ਹ ਲਿਆ ਜਾਵੇਗਾ। ਇਸ ਸਬੰਧੀ ਡਾਕਟਰ ਨਿੱਝਰ ਨੇ ਮੌਕੇ ’ਤੇ ਮੌਜੂਦ ਡਿਪਟੀ ਕਮਿਸ਼ਨਰ ਬਠਿੰਡਾ, ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਨਿੱਜੀ ਸਹਾਇਕ ਕੇਵਲ ਸਿੰਘ, ਮਾਸਟਰ ਹਰਮੇਲ ਸਿੰਘ, ਸ਼ਹਿਰੀ ਪ੍ਰਧਾਨ ਤਰਸੇਮ ਸਿੰਘ, ਡਾਕਟਰ ਸੁਖਦੇਵ ਸਿੰਘ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ੇਖਪੁਰਾ ਆਦਿ ਸ਼ਾਮਲ ਸਨ। ਇਸ ਮਗਰੋਂ ਕੈਬਨਿਟ ਮੰਤਰੀ ਡਾ. ਨਿੱਝਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।