ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਭੁੱਚੋ ਮੰਡੀ ਵਿੱਚ ਖੇਤੀ ਮੰਤਰੀ ਨਰੇਂਦਰ ਤੋਮਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਬੀਬੀਆਂ।

ਜੋਗਿੰਦਰ ਸਿੰਘ ਮਾਨ

ਮਾਨਸਾ, 22 ਫਰਵਰੀ 

ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲੱਗਾ ਕਿਸਾਨ ਮੋਰਚਾ ਅੱਜ 145ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐੱਮਐੱਸਪੀ ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਝੂਠੇ ਪੁਲੀਸ ਕੇਸ ਖਾਰਜ ਕੀਤੇ ਜਾਣ। ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚੰਦ ਕਾਰਪੋਰੇਟ ਘਰਾਣਿਆਂ ਨੂੰ ਮਾਲਾਮਾਲ ਕਰਨ ਦੀ ਚਿੰਤਾ ਹੈ, ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਦੀ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ 89 ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦੇ ਬਾਰਡਰ ’ਤੇ ਸੰਘਰਸ਼ ਕਰ ਰਿਹਾ ਹੈ ਤੇ ਹੁਣ ਤੱਕ 230 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। 

ਭੁੱਚੋ ਮੰਡੀ (ਪਵਨ ਗੋਇਲ): ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਵੱਲੋਂ ‘ਭੀੜ ਇਕੱਠੀ ਕਰਨ ਨਾਲ ਖੇਤੀ ਕਨੂੰਨ ਰੱਦ ਨਹੀਂ ਹੋਣਗੇ’ ਦੇ ਦਿੱਤੇ ਬਿਆਨ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਪੈਦਾ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 145 ਦਿਨਾਂ ਤੋਂ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਸ ਅੱਗੇ ਚੱਲ ਰਹੇ ਮੋਰਚਿਆਂ ਵਿੱਚ ਭਾਰੀ ਗਿਣਤੀ ’ਚ ਸ਼ਾਮਲ ਬੀਬੀਆਂ ਨੇ ਨਰੇਂਦਰ ਤੋਮਰ ਅਤੇ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਮੋਠੂ ਸਿੰਘ, ਦਰਸ਼ਨ ਸਿੰਘ, ਬਲਜੀਤ ਸਿੰਘ, ਸਿਮਰਜੀਤ ਸਿੰਘ, ਅਵਤਾਰ ਸਿੰਘ ਅਤੇ ਬਲਤੇਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜਿਹੇ ਬੇਹੂਦਾ ਬਿਆਨ ਦੇ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਦਾ ਭਰਮ ਪਾਲਿਆ ਹੋਇਆ ਹੈ, ਜਿਸ ਨੂੰ ਕਿਸਾਨ ਅੰਦੋਲਨ ਪੂਰਾ ਨਹੀਂ ਹੋਣ ਦੇਵੇਗਾ।

ਬਰੇਟਾ (ਪੱਤਰ ਪ੍ਰੇਰਕ): ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋੋਧ ਵਿੱਚ ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚਾ ਤੇ ਇੱਕ ਨਿੱਜੀ ਪੈਟਰੋਲ ਪੰਪ ’ਤੇ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਧਰਨੇ ਜਾਰੀ ਹਨ। 

ਬੁਢਲਾਡਾ (ਪੱਤਰ ਪ੍ਰੇਰਕ): ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ਦੀ ਘੇਰਾਬੰਦੀ ਕਰ ਕੇ ਆਰੰਭਿਆ ਧਰਨਾ 144ਵੇਂ ਦਿਨ ’ਚ ਪਹੁੰਚ ਗਿਆ ਹੈ। ਇੱਥੇ 23 ਫਰਵਰੀ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਅਤੇ ‘ਪਗੜੀ ਸੰਭਾਲ ਜੱਟਾ ਦਿਵਸ’ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਜਸਵੰਤ ਸਿੰਘ ਬੀਰੋਕੇ, ਡਕੌਂਦਾ ਦੇ ਬਾਰੂ ਸਿੰਘ ਮੱਲ ਸਿੰਘ ਵਾਲਾ, ਬਲਵੀਰ ਸਿੰਘ ਗੁਰਨੇਕਲਾਂ, ਹਰਿੰਦਰ ਸਿੰਘ ਸੋਢੀ, ਨੰਬਰਦਾਰ ਜਰਨੈਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਤਾਂ ਕੀ ਕਿਸੇ ਵੀ ਸਾਮਰਾਜੀ ਤਾਕਤ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਵੱਲ ਝਾਕਣ ਵੀ ਨਹੀਂ ਦੇਣਗੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਦੀ ਬੀਤੇ ਕੱਲ੍ਹ ਹੋਈ ਅਚਾਨਕ ਮੌਤ ’ਤੇ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਮਹਿਲ ਕਲਾਂ (ਨਵਕਿਰਨ ਸਿੰਘ): ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ ਅੱਜ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਲੱਗੇ ਪੱਕੇ ਮੋਰਚੇ ਤੋਂ ਕਿਸਾਨ ਜਥੇ ਦਿੱਲੀ ਦੇ ਟਿਕਰੀ ਅਤੇ ਸਿੰਘੂ ਬਾਰਡਰ ਲਈ ਰਵਾਨਾ ਕੀਤੇ ਗਏ।

 ਕਿਸਾਨ ਮਹਾਂ-ਪੰਚਾਇਤ ਲਈ ਲਾਮਬੰਦੀ

ਏਲਨਾਬਾਦ: ਹਲਕੇ ਦੇ ਪਿੰਡ ਠੋਬਰੀਆ ਦੇ ਪੰਚਾਇਤ ਘਰ ਵਿੱਚ ਕਿਸਾਨਾਂ ਨੇ ਇੱਕ ਮੀਟਿੰਗ ਕਰ ਕੇ 23 ਫਰਵਰੀ ਨੂੰ ਸਿਰਸਾ ਵਿੱਚ ਹੋਣ ਵਾਲੀ ਕਿਸਾਨ ਮਹਾਂ-ਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ। ਇਸ ਦੌਰਾਨ ਇਕੱਠੇ ਹੋਏ ਕਿਸਾਨਾਂ ਨੇ ਆਖਿਆ ਕਿ ਉਨ੍ਹਾਂ ਵੱਲੋਂ ਪਿਛਲੇ ਇੱਕ ਹਫ਼ਤੇ ਤੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪੱਗੜੀ ਸੰਭਾਲ ਜੱਟਾ ਲਹਿਰ ਦੇ ਮੋਢੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਮੌਕੇ ਸਿਰਸਾ ਵਿੱਚ ਹੋਣ ਵਾਲੀ ਕਿਸਾਨ ਮਹਾਂ-ਪੰਚਾਇਤ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਹਲਕੇ ਦੇ ਕਿਸਾਨਾਂ ਵਿੱਚ ਇਸ ਮਹਾਂ-ਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਪੂਰਾ ਉਤਸ਼ਾਹ ਹੈ। - ਪੱਤਰ ਪ੍ਰੇਰਕ 

ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣਗੇ ਕਿਸਾਨ

ਭੁੱਚੋ ਮੰਡੀ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਦੇ ਜਨਰਲ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ‘ਪਗੜੀ ਸੰਭਾਲ ਜੱਟਾ’ ਲਹਿਰ ਦੇ ਮੁੱਖ ਆਗੂ ਅਜੀਤ ਸਿੰਘ ਦਾ ਬੈਸਟ ਪ੍ਰਾਈਸ ਮਾਲ ਅੱਗੇ ਚੱਲ ਰਹੇ ਮੋਰਚੇ ਵਿੱਚ ਜਨਮ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜੀਤ ਸਿੰਘ ਦਾ ਜਨਮ 23 ਫਰਵਰੀ 1881 ਨੂੰ ਖਟਕੜ ਕਲਾਂ (ਜਲੰਧਰ) ਵਿੱਚ ਹੋਇਆ ਸੀ। ਉਨ੍ਹਾਂ ‘ਪਗੜੀ ਸੰਭਾਲ ਜੱਟਾ’ ਲਹਿਰ ਦੀ ਅਗਵਾਈ ਕੀਤੀ ਸੀ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All