ਦਲਿਤਾਂ ਦੀ ਭਲਾਈ ਲਈ ਵਚਨਬੱਧ: ਇੱਟਾਂਵਾਲੀ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਪਿੰਡ ਝੰਡੇਆਣਾ ਸਰਕੀ ਵਿੱਚ ਮੀਂਹ ਦੇ ਪਾਣੀ ਕਾਰਨ ਹੋਏ ਨੁਕਸਾਨ ਅਤੇ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਗੁਰਪ੍ਰੀਤ ਸਿੰਘ ਨੇ ਕਿਹਾ ਕਮਿਸ਼ਨ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਕਰ ਕੇ ਐੱਸਸੀ ਵਰਗ ਨੂੰ ਹਰ ਲੋੜੀਂਦੀ ਸੁਵਿਧਾ ਅਤੇ ਉਨ੍ਹਾਂ ਦੇ ਹੱਕਾਂ ਨਾਲ ਕੋਈ ਅਣਗਹਿਲੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਰਸਾਤੀ ਪਾਣੀ ਦਾ ਨਿਕਾਸ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਨਾਲ ਹੋਏ ਘਰਾਂ ਦੇ ਨੁਕਸਾਨ ਲਈ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਜਾਣੂ ਕਰਵਾਇਆ ਜਾਵੇਗਾ।
ਬਾਰਸ਼ ਦੇ ਪਾਣੀ ਨਾਲ ਬੰਦ ਪਏ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਖੁੱਲ੍ਹਵਾਉਣ ਲਈ ਉਨ੍ਹਾਂ ਸਿੱਖਿਆ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ।
ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਸਬੰਧੀ ਜੇ ਕਿਸੇ ਵਿਭਾਗ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੁਰਪ੍ਰੀਤ ਸਿੰਘ ਨੇ ਪਿੰਡ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪ੍ਰੇਰਿਆ ਅਤੇ ਕਿਹਾ ਕਿ ਇਸ ਕੁਦਰਤੀ ਆਫ਼ਤ ਵਿੱਚ ਸਾਰੇ ਇੱਕ-ਦੂਜੇ ਦਾ ਸਾਥ ਦੇਣ।
ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਪੀਏ ਹਰਜਿੰਦਰ ਸਿੰਘ ਫਿਰੋਜ਼ਸ਼ਾਹ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।