ਮਾਨਸਾ: ਕਿਸਾਨ-ਮਜ਼ਦੂਰ ਖੁਦਕੁਸ਼ੀ ਪੀੜਤ ਪਰਿਵਾਰ ਕਮੇਟੀ (ਪੰਜਾਬ) ਨੇ ਸੂਬੇ ਦੀ ‘ਆਪ’ ਸਰਕਾਰ ਕੋਲੋਂ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਲਾਗੂ ਕਰਨ ਅਤੇ ਪੀੜਤ ਪਰਿਵਾਰਾਂ ਲਈ ਬਣੀ ਰਾਹਤ ਨੀਤੀ ਅਤੇ ਹੋਰ ਸਕੀਮਾਂ ਦਾ ਲਾਭ ਇਸੇ ਬਜਟ ਸੈਸ਼ਨ ਦੌਰਾਨ ਜਾਰੀ ਕਰਨ ਦੀ ਮੰਗ ਕੀਤੀ ਹੈ। ਇੱਥੇ ਕਮੇਟੀ ਵੱਲੋਂ ਕਰਵਾਈ ਗਈ ਕਾਨਫ਼ਰੰਸ ਨੂੰ ਸੂਬਾਈ ਪ੍ਰਧਾਨ ਕਿਰਨਜੀਤ ਕੌਰ, ਪੱਤਰਕਾਰ ਹਮੀਰ ਸਿੰਘ ਅਤੇ ਡਾ. ਬਿੱਕਰਜੀਤ ਸਿੰਘ ਸਾਧੂਵਾਲਾ ਨੇ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਬਜਟ ਵਿੱਚ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਤੇ ਬੈਂਕਾਂ ਦੇ ਨੋਟਿਸ ਬੰਦ ਕਰਵਾਉਣ ਦੀ ਮੰਗ ਕੀਤੀ। ਹਰਿੰਦਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੜ੍ਹਾਈ ਅੱਧ-ਵਾਟੇ ਛੱਡਣ ਵਾਲੇ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਸ਼ੁਰੂ ਕਰਵਾਈ ਜਾਵੇ ਅਤੇ ਉਨ੍ਹਾਂ ਦੀਆਂ ਪੈਨਸ਼ਨਾਂ ਤੁਰੰਤ ਲਗਾਈਆਂ ਜਾਣ। ਵੀਰਪਾਲ ਕੌਰ ਰੱਲਾ ਨੇ ਮਗਨਰੇਗਾ ਤਹਿਤ 100 ਦਿਨ ਦਾ ਰੁਜ਼ਗਾਰ ਯਕੀਨੀ ਬਣਾਉਣ, ਪੰਜ ਏਕੜ ਵਾਲੇ ਕਿਸਾਨਾਂ ਨੂੰ ਲਾਭ ਦੇਣ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀਆਂ ਸਕੀਮਾਂ ਦਾ ਲਾਭ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। -ਪੱਤਰ ਪ੍ਰੇਰਕ