ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਵੰਡੇ
ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਇਲਾਕਾ ਵਾਸੀਆਂ ਨੂੰ ਰਾਹਤ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਇਸ ਲੜੀ ਤਹਿਤ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਲਾਂਵਾਲਾ ਨੇੜਲੇ ਪਿੰਡ ਫੱਤੇ ਵਾਲਾ ਦੇ ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੌਰਾਨ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਫ਼ਿਰੋਜ਼ਪੁਰ ਦੇ ਪਿੰਡ ਨਿਹਾਲਾ ਲਵੇਰਾ ਅਤੇ ਕਾਮਲ ਵਾਲਾ ਦੇ 291 ਕਿਸਾਨਾਂ ਨੂੰ ਵੀ ਇੱਕ ਕਰੋੜ ਪੰਜ ਲੱਖ ਤੋਂ ਵੱਧ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ। ਇਸ ਰਾਸ਼ੀ ਵਿੱਚ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ, ਨੁਕਸਾਨੇ ਗਏ ਘਰ ਅਤੇ ਪਸ਼ੂਆਂ ਦੀ ਮੌਤ ਦੀ ਭਰਪਾਈ ਸ਼ਾਮਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਅਤੇ ਐੱਸ ਡੀ ਐੱਮ ਅਰਵਿੰਦਰ ਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪੀੜਤਾਂ ਨੂੰ ਭਰੋਸਾ ਦਿੰਦਿਆਂ ਕਿਹਾ, ‘ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਤੁਹਾਡੇ ਨਾਲ ਹਰ ਕਦਮ ’ਤੇ ਖੜ੍ਹੀ ਹੈ।’ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਪ੍ਰਭਾਵਿਤ ਪਰਿਵਾਰ ਸਰਕਾਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੜ੍ਹਾਂ ਨਾਲ ਹੋਏ ਵੱਡੇ ਨੁਕਸਾਨ ਨੂੰ ਸਵੀਕਾਰ ਕਰਦਿਆਂ ਪੰਜਾਬ ਦੇ ਲੋਕਾਂ ਦੇ ਹੌਸਲੇ ਅਤੇ ਇੱਕ-ਦੂਜੇ ਦਾ ਸਾਥ ਦੇਣ ਦੀ ਭਾਵਨਾ ਦੀ ਸ਼ਲਾਘਾ ਕੀਤੀ। ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਆਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਕਿਸਾਨਾਂ ਵੱਲੋਂ ਖੇਤੀ ਮੰਤਰੀ ਖੁੱਡੀਆਂ ਨੂੰ ਮੰਗ ਪੱਤਰ
Advertisementਮੱਲਾਂਵਾਲਾ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਅਹੁਦੇਦਾਰਾਂ ਨੇ ਪਿੰਡ ਫੱਤੇ ਵਾਲਾ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇ ਵਾਲਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਿਸਾਨਾਂ ਦੇ ਵਫਦ ਨੇ ਖੇਤੀ ਮੰਤਰੀ ਗੁਰਮੀਤ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਕਿਸਾਨਾਂ ਨੇ ਹੜ੍ਹ ਪੀੜਤਾਂ ਨੂੰ ਪ੍ਰਤੀ ਏਕੜ ਦਾ 70 ਹਜ਼ਾਰ ਰੁਪਏ ਮੁਆਵਜ਼ਾ ਦਿੱਤੇ ਜਾਣ, 2019 ਦੇ ਵਿੱਚ ਜਿਨ੍ਹਾਂ ਅਬਾਦਕਾਰ ਕਿਸਾਨਾਂ ਦੀਆਂ ਗਿਰਦਾਵਰੀਆਂ ਤੋੜ ਦਿੱਤੀਆਂ ਗਈਆਂ ਸੀ ਉਨ੍ਹਾਂ ਨੂੰ ਵੀ 70 ਹਜ਼ਾਰ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ। ਖੇਤੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਜ਼ਰੂਰ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਖੱਚਰ ਵਾਲਾ, ਰਛਪਾਲ ਸਿੰਘ ਗੱਟਾ ਬਾਦਸ਼ਾਹ ਹਾਜ਼ਰ ਸਨ।