ਪੱਤਰ ਪ੍ਰੇਰਕ
ਮਾਨਸਾ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਕਿਸਾਨਾਂ ਅਤੇ ਮਜ਼ਦੂਰਾਂ ਲਈ ਪਿਛਲੀਆਂ ਹਕੂਮਤਾਂ ਵਾਂਗ ਕੰਮ ਕਰ ਰਹੀ ਹੈ। ਉਹ ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਵਿੱਚ ਕਿਸਾਨਾਂ ਦੇ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਕਾਦੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਝੋਨੇ ਦੀ ਪਰਾਲੀ ਫੂਕਣ ਦੇ ਸਬੰਧ ਵਿੱਚ ਬਾਦਲਾਂ ਵਾਲਾ ਲਿਪਾ-ਪੋਚੀ ਹੀ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਨੂੰ ਭਗਵੰਤ ਮਾਨ ਸਰਕਾਰ ਲਾਗੂ ਕਰੇ ਜਿਸ ਨੂੰ ਅਕਾਲੀ ਤੇ ਕਾਂਗਰਸੀ ਹਕੂਮਤਾਂ ਲਾਗੂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਰੱਖਦੀ ਹੈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਫ਼ਿਕਰਮੰਦ ਹੈ ਤਾਂ ਸੁਪਰੀਮ ਕੋਰਟ ਦੇ 6 ਨਵੰਬਰ, 2019 ਦੇ ਹੁਕਮ ਨੂੰ ਮੰਨ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਤੁਰੰਤ 2500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਸਗੋਂ ਮਜ਼ਬੂਰੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਧੂੰਆ ਸਭ ਤੋਂ ਪਹਿਲਾਂ ਕਿਸਾਨਾਂ ਦੇ ਆਪਣੇ ਪਿੰਡ ਅਤੇ ਆਪਣੇ ਪਰਿਵਾਰਾਂ ਨੂੰ ਹੀ ਪ੍ਰਭਾਵਿਤ ਕਰਦਾ ਹੈ।
ਸ੍ਰੀ ਕਾਦੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰ ਕਿਸਮ ਦੇ ਕਰਜ਼ੇ ਤੋਂ ਮੁਕਤ ਕਰਵਾਉਣਾ, ਦਰਿਆਈ ਪਾਣੀਆਂ ਦਾ ਹੱਕ ਦਿਵਾਉਣਾ, ਕੁਦਰਤੀ ਕਰੋਪੀ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਦਿਵਾਉਣਾ, ਲੰਪੀ ਸਕਿਨ ਨਾਲ ਮਰੀਆਂ ਗਾਵਾਂ ਕਾਰਨ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।