ਖੇਤਰੀ ਪ੍ਰਤੀਨਿਧ
ਬਰਨਾਲਾ, 1 ਜੁਲਾਈ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ’ਚ ਲੱਗੇ ਧਰਨੇ ਦੇ ਅੱਜ 274ਵੇਂ ਦਿਨ ਲੱਗੇ ਧਰਨੇ ਦੌਰਾਨ ਬੁਲਾਰਿਆਂ ਨੇ ਬੀਤੇ ਕੱਲ੍ਹ ਦਿੱਲੀ ਦੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ’ਤੇ ਕੀਤੇ ਹਮਲੇ ਦ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਦੋ ਜੁਲਾਈ ਨੂੰ ਨਾਕਸ ਬਿਜਲੀ ਸਪਲਾਈ ਵਿਰੁੱਧ ਰੋਸ ਧਰਨਾ ਦਿੱਤਾ ਜਾਵੇਗਾ।
ਬੁਢਲਾਡਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਪੰਪ ਦੀ ਘੇਰਾਬੰਦੀ ਕਰਕੇ ਅਰੰਭਿਆ ਧਰਨਾ ਜਾਰੀ ਹੈ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਨਥਾਣਾ ਵੱਲੋਂ ਨਵੇਂ ਖੇਤੀ ਕਨੂੰਨਾਂ ਖ਼ਿਲਾਫ਼ ਬੈਸਟ ਪ੍ਰਾਈਸ ਮਾਲ ਭੁੱਚੋ ਖੁਰਦ ਅੱਗੇ 274 ਦਿਨਾਂ ਤੋਂ ਚੱਲ ਰਿਹਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਅਤੇ ਅਜਮੇਰ ਸਿੰਘ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਲਈ ਜਿੰਮੇਵਾਰ ਭਾਜਪਾ ਦੀ ਮੋਦੀ ਸਰਕਾਰ ਖ਼ਿਲਾਫ਼ 2 ਜੁਲਾਈ ਨੂੰ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਵਿੱਚ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਰੋਸ ਧਰਨੇ ਲਾਏੇ ਜਾਣਗੇ। ਉਨ੍ਹਾਂ ਗਾਜੀਪੁਰ ਬਾਰਡਰ ’ਤੇ ਕਿਸਾਨਾਂ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ।
ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਵਿੱਚ ਪੱਕੇ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਗਾਜ਼ੀਪੁਰ ਬਾਰਡਰ ’ਤੇ ਹਮਲਾ ਕਰਨ ਵਾਲੇ ਭਾਜਪਾ, ਆਰਐਸਐਸ ਵਰਕਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ, ਸ਼ਮਸ਼ੇਰ ਸਿੰਘ ਹੁੰਦਲ,ਕਰਨੈਲ ਸਿੰਘ ਛਾਪਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਪੱਕੇ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।