Edmonton ਦੇ ਗੁਰਦੁਆਰੇ ’ਤੇ ਹਮਲੇ ਦੀ ਨਿਖੇਧੀ
ਕੈਨੇਡਾ ਦੇ ਐਡਮੰਟਨ ਸ਼ਹਿਰ ਵਿੱਚ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਗੁਰੂ-ਘਰ ਦੀ ਮਰਿਆਦਾ ਭੰਗ ਕਰਨ ਅਤੇ...
ਕੈਨੇਡਾ ਦੇ ਐਡਮੰਟਨ ਸ਼ਹਿਰ ਵਿੱਚ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਗੁਰੂ-ਘਰ ਦੀ ਮਰਿਆਦਾ ਭੰਗ ਕਰਨ ਅਤੇ ਸੇਵਾਦਾਰਾਂ ’ਤੇ ਕੀਤੇ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸਿੰਘ ਸਾਹਿਬ ਨੇ ਦੱਸਿਆ ਕਿ ਮੁਸਤੈਦ ਸੰਗਤ ਅਤੇ ਸੇਵਾਦਾਰਾਂ ਨੇ ਦਲੇਰੀ ਦਿਖਾਉਂਦਿਆਂ ਮੁਲਜ਼ਮ ਨੂੰ ਸਮੇਂ ਸਿਰ ਕਾਬੂ ਕਰ ਲਿਆ ਹੈ। ਉਨ੍ਹਾਂ ਜ਼ਖ਼ਮੀ ਸੇਵਾਦਾਰਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਤਾਂ ਨਹੀਂ ਹੈ। ਇਸ ਦੇ ਨਾਲ ਹੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਪੁਲੀਸ ਨੂੰ ਨਿਰਪੱਖ ਜਾਂਚ ਕਰਨ ਲਈ ਕਿਹਾ ਗਿਆ ਹੈ।
ਜਥੇਦਾਰ ਨੇ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਮੌਜੂਦਾ ਸੰਵੇਦਨਸ਼ੀਲ ਹਾਲਤਾਂ ਨੂੰ ਦੇਖਦਿਆਂ ਆਪਣੇ ਸੁਰੱਖਿਆ ਪ੍ਰੋਟੋਕੋਲ ਦੀ ਮੁੜ ਸਮੀਖਿਆ ਕਰਨ ਅਤੇ ਪਹਿਰੇਦਾਰੀ ਨੂੰ ਹੋਰ ਮਜ਼ਬੂਤ ਕਰਨ।

