ਜੋਗਿੰਦਰ ਸਿੰਘ ਮਾਨ
ਮਾਨਸਾ, 7 ਸਤੰਬਰ
ਮਾਨਸਾ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਵਿੱਚ ਅਫਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਕੀਤੀ ਗਈ ਹੈ। ਪਸ਼ੂ ਪਾਲਣ ਵਿਭਾਗ ਮਾਨਸਾ ਦੇ ਸਹਾਇਕ ਨਿਰਦੇਸ਼ਕ ਡਾ. ਕਮਲ ਗੁਪਤਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੰਡ ਵਿੱਚ ਬੀਰਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵੱਲੋਂ ਸੂਰ ਰੱਖੇ ਗਏ ਸਨ, ਜਿਨ੍ਹਾਂ ਵਿੱਚ ਇੱਕ ਦੇ ਬਿਮਾਰ ਹੋਣ ਤੋਂ ਬਾਅਦ, ਜਦੋਂ ਉਸਦੇ ਟੈਸਟ ਲਈ ਸੈਂਪਲ ਭਰੇ ਗਏ ਤਾਂ ਲਬਿਾਟਰੀ ਵਿੱਚੋਂ ਅਫਰੀਕਨ ਸਵਾਈਨ ਫੀਵਰ ਦੀ ਰਿਪੋਰਟ ਆਉਣ ਤੋਂ ਬਾਅਦ ਅੱਜ ਵਿਭਾਗ ਦੇ ਮਾਹਿਰਾਂ ਵਲੋਂ ਸਾਰੇ ਸੂਰਾਂ ਨੂੰ ਮਾਰਨ ਤੋਂ ਬਾਅਦ ਜ਼ਮੀਨ ਵਿੱਚ ਡੂੰਘੇ ਟੋਏ ਪੁੱਟ ਕੇ ਦੱਬ ਦਿੱਤਾ ਗਿਆ ਹੈ। ਮਹਿਕਮੇ ਦੇ ਸਹਾਇਕ ਨਿਰਦੇਸ਼ਕ ਨੇ ਦੱਸਿਆ ਕਿ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਰ ਪਾਲਕ ਨੂੰ 35480 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਮਾਨਸਾ ਵੱਲੋਂ ਸੂਰ ਪਾਲਕਾਂ ਨੂੰ ਵੱਖਰੇ ਤੌਰ ’ਤੇ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਫਾਰਮਾਂ ’ਤੇ ਕਿਸੇ ਵੀ ਬਾਹਰੀ ਵਿਅਕਤੀ, ਸੂਰ ਜਾਂ ਸੂਰ ਨਾਲ ਬਣੇ ਪਦਾਰਥ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੂਰਾਂ ਵਿੱਚ ਕਿਸੇ ਕਿਸਮ ਦੀ ਸ਼ੱਕੀ ਬਿਮਾਰੀ ਪਾਏ ਜਾਣ ’ਤੇ ਜਾਂ ਸੂਰ ਦੀ ਅਚਾਨਕ ਮੌਤ ਹੋਣ ਜਾਣ ਤੋਂ ਬਾਅਦ ਤੁਰੰਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਵੱਲੋਂ ਇਸ ਦੀ ਪੁਸ਼ਟੀ ਉਪਰੰਤ ਪਸ਼ੂ ਪਾਲਣ ਵਿਭਾਗ ਨੇ ਮਾਨਸਾ ਜ਼ਿਲ੍ਹੇ ਵਿੱਚ ਬਿਮਾਰੀ ਦੀ ਰੋਕਥਾਮ ਲਈ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਤੱਕ ਦਾ ਖੇਤਰ ‘ਸੰਕ੍ਰਮਣ ਜੋਨ’ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦਾ ਖੇਤਰ ‘ਨਿਗਰਾਨੀ ਜੋਨ’ ਐਲਾਨ ਦਿੱਤਾ ਗਿਆ ਹੈ।
ਵਿਭਾਗ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ) ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਤੋਂ ਭੇਜੇ ਸੂਰਾਂ ਦੇ ਨਮੂਨਿਆਂ ਵਿੱਚ ਅਫਰੀਕਨ ਸਵਾਈਨ ਫੀਵਰ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.) ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਵੱਲੋਂ ਇਸ ਦੀ ਪੁਸ਼ਟੀ ਉਪਰੰਤ ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹੇ ਵਿੱਚ ਬਿਮਾਰੀ ਦੀ ਰੋਕਥਾਮ ਲਈ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਹਨ। ਬਿਮਾਰੀ ਦੇ ਕੇਂਦਰ ਤੋਂ ਇੱਕ ਕਿਲੋਮੀਟਰ ਤੱਕ ਦਾ ਖੇਤਰ ‘ਸੰਕ੍ਰਮਣ ਜ਼ੋਨ’ ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦਾ ਖੇਤਰ ‘ਨਿਗਰਾਨੀ ਜ਼ੋਨ’ ਐਲਾਨ ਦਿੱਤਾ ਗਿਆ ਹੈ। ਵਿਭਾਗ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਣੇ), ਨਾਨ-ਪ੍ਰਾਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫੈਕਟਿਡ ਜ਼ੋਨ ਤੋਂ ਬਾਹਰ ਲਿਜਾਣ ਤੇ ਜ਼ੋਨ ਵਿੱਚ ਲਿਆਉਣ ਤੋਂ ਰੋਕਣਾ ਯਕੀਨੀ ਬਣਾਉਣ। ਬਿਮਾਰੀ ਤੋਂ ਪੀੜਤ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਲਿਆਉਣ ਤੋਂ ਰੋਕਿਆ ਜਾਵੇ।