ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 1 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਅੱਜ ਪਿੰਡ ਕੋਠਾ ਗੁਰੂ ਵਿਖੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਨਿਸ਼ਾਨਦੇਹੀ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਦਾ ਘਿਰਾਓ ਕੀਤਾ ਗਿਆ। ਇਕੱਤਰ ਕਿਸਾਨਾਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਦਰਸ਼ਨ ਸਿੰਘ ਕੋਠਾ ਗੁਰੂ ਅਤੇ ਬੂਟਾ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਕੋਠਾ ਗੁਰੂ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ਵਿਚ ਸਰਕਾਰੀ ਕਰਮਚਾਰੀਆਂ ਵੱਲੋਂ ਸੂਏ ਦੇ ਇਰਦ-ਗਿਰਦ ਖੇਤਾਂ ਦੀ ਨਿਸ਼ਾਨਦੇਹੀ ਕਰਨ ਦੀ ਭਿਣਕ ਜਦੋਂ ਕਿਸਾਨ ਜਥੇਬੰਦੀਆਂ ਨੂੰ ਪਈ ਤਾਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦਾ ਘਿਰਾਓ ਕੀਤਾ। ਘਿਰਾਓ ਦਾ ਪਤਾ ਚਲਦਿਆਂ ਨਾਇਬ ਤਹਿਸੀਲਦਾਰ ਭਗਤਾ ਭਾਈ ਚਰਨਜੀਤ ਕੌਰ ਵੀ ਮੌਕੇ ‘ਤੇ ਪਹੁੰਚੇ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਮਾਲਣ ਕੌਰ, ਸੋਮ ਰਾਜ ਮਲੂਕਾ, ਹਰਬੰਸ ਸਿੰਘ ਮਰਾੜ, ਕਾਕਾ ਸਿੰਘ ਬਾਠ ਅਤੇ ਤੇਜਾ ਸਿੰਘ ਗੋਂਦਾਰਾ ਨੇ ਕਿਹਾ ਕਿ ਸਰਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਪ੍ਰਬੰਧ ਨਹੀਂ ਕਰ ਸਕੀ ਜਿਸ ਕਾਰਨ ਖੇਤਾਂ ‘ਚ ਅਧਿਕਾਰੀਆਂ ਤੇ ਕਿਸਾਨਾਂ ਵਿਚਕਾਰ ਟਕਰਾਅ ਵਰਗੇ ਹਾਲਾਤ ਬਣ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਪਰਾਲੀ ਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਕਿਸਾਨਾਂ ਨੂੰ ਪ੍ਰਤੀ ਕੁਇੰਟਲ 200 ਰੁਪਏ ਸਹਾਇਤਾ ਰਾਸ਼ੀ ਤੁਰੰਤ ਜਾਰੀ ਕਰੇ। ਝੋਨੇ ਦੀ ਥਾਂ ਬਦਲਵੀਂ ਫ਼ਸਲਾਂ ਦੀ ਖਰੀਦ ਅਤੇ ਮੁੱਲ ਦੀ ਗਾਰੰਟੀ ਦੇਵੇ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਤਹਿਸੀਲਦਾਰ ਫੂਲ ਸੁਖਵੀਰ ਸਿੰਘ ਬਰਾੜ ਨੇ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਭਰੋਸੇ ਉਪਰੰਤ ਕਿਸਾਨਾਂ ਨੇ ਕਰਮਚਾਰੀਆਂ ਦਾ ਘਿਰਾਓ ਖ਼ਤਮ ਕਰ ਦਿੱਤਾ।
ਮਹਿਲ ਕਲਾਂ (ਨਵਕਿਰਨ ਸਿੰਘ): ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਬੁਝਾਉਣ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਰੋਕ ਕੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਗਈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਗਠਿਤ ਕੀਤੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਲਾਲਾ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਤਾਂ ਨਾਇਬ ਤਹਿਸੀਲਦਾਰ ਬਰਨਾਲਾ ਸੁਰਿੰਦਰ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਚਰਨ ਰਾਮ, ਜੇਈ ਤੇਜਪਾਲ, ਏਟੀਐਮ ਜਸਵਿੰਦਰ ਸਿੰਘ ਆਦਿ ਦੀ ਅਗਵਾਈ ਹੇਠ ਇੱਕ ਟੀਮ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਅੱਗ ਬੁਝਾਉਣ ਪਹੁੰਚੀ। ਕਿਸਾਨ ਜਥੇਬੰਦੀਆਂ ਨੂੰ ਇਸ ਦੀ ਸੂਚਨਾ ਮਿਲਣ ’ਤੇ ਉਨ੍ਹਾਂ ਫਾਇਰ ਬਰਿਗੇਡ ਗੱਡੀ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਬਾਅਦ ਫਾਇਰ ਬਿ੍ਗੇਡ ਗੱਡੀ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ,ਤਹਿਸੀਲ ਪ੍ਰਧਾਨ ਹਰਭਜਨ ਸਿੰਘ ਕਲਾਲਾ ਅਤੇ ਬੀਕੇਯੂ (ਡਕੌਂਦਾ) ਦੇ ਗੁਰਪ੍ਰੀਤ ਸਿੰਘ ਸਹਿਜੜ੍ਹਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਸੰਦ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ ਤੇ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਹੋਰ ਕੋਈ ਠੋਸ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਜਬਰੀ ਕੇਸ ਦਰਜ ਕੀਤੇ ਗਏ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਇਸ ਘਟਨਾ ਸਬੰਧੀ ਖੇਤੀਬਾੜੀ ਵਿਸਥਾਰ ਅਫਸਰ ਚਰਨ ਰਾਮ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਅੱਗ ਬੁਝਾਉਣ ਪਹੁੰਚੇ ਸਨ ਪਰ ਕਿਸਾਨਾਂ ਵੱਲੋਂ ਫਾਇਰ ਬਿ੍ਗੇਡ ਦੀ ਗੱੜੀ ਘੇਰੀ ਗਈ। ਉਨ੍ਹਾਂ ਕਿਹਾ ਕਿ ਪੂਰੀ ਘਟਨਾ ਦੀ ਰਿਪੋਰਟ ਸੀਨੀਅਰ ਅਫਸਰਾਂ ਨੂੰ ਭੇਜੀ ਜਾਵੇਗੀ।