ਕਾਂਗਰਸ ਤੇ ਬਸਪਾ ਵੱਲੋਂ ਮਿਨੀ ਸਕੱਤਰੇਤ ਅੱਗੇ ਮੁਜ਼ਾਹਰਾ
ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੇ ਖ਼ੁਦਕੁਸ਼ੀ ਦੇ ਮਾਮਲੇ ਦੀ ਨਿਰਪੱਖ ਜਾਂਚ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੇ ਮਿਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਤੇ ਬਹੁਜਨ ਸਮਾਜ ਪਾਰਟੀ ਦੇ ਕਾਰਕੁਨਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਕੁਝ ਸਮੇਂ ਲਈ ਧਰਨਾ ਦੇਣ ਮਗਰੋਂ ਰਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ। ਕਾਂਗਰਸ ਦੇ ਆਗੂ ਤੇ ਕਾਰਕੁਨ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਇਸ ਮੌਕੇ ਬੋਲਦਿਆਂ ਬੈਨੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਇਕਾਈ ਏਡੀਜੀਪੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਵਿੱਚ ਦੋਸ਼ੀ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਾ ਜਾਵੇ। ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੀ ਮੌਤ ’ਤੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਦੇ ਗੈਰ-ਜ਼ਿੰਮੇਵਾਰਾਨਾ ਬਿਆਨ ਬਾਰੇ ਸੰਤੋਸ਼ ਬੈਨੀਵਾਲ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਚੌਟਾਲਾ ਦੇ ਵੰਸ਼ਜ ਵੱਲੋਂ ਅਜਿਹੇ ਬਿਆਨ ਦੇਣਾ ਗਲਤ ਹੈ। ਅਜਿਹੇ ਮੁੱਦਿਆਂ ’ਤੇ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ.ਕੇ.ਵੀ.ਸਿੰਘ, ਆਨੰਦ ਬਿਆਣੀ, ਲਾਧੂ ਰਾਮ ਪੂਨੀਆ, ਸਰਪੰਚ ਮੰਗੇਰਾਮ ਬੈਨੀਵਾਲ, ਸਰਪੰਚ ਅਸ਼ੋਕ ਬੈਨੀਵਾਲ, ਸਰਪੰਚ ਗੁਰਭੇਜ, ਸਰਪੰਚ ਵੇਦ, ਸਰਪੰਚ ਸੰਦੀਪ ਅਹਿਮਦਪੁਰ, ਗੋਬਿੰਦ ਸਿੰਘ, ਰਾਜਪਾਲ ਭਾਂਭੂ, ਸੌਰਭ ਸਹਾਰਨ, ਦੀਪੇਸ਼ ਬੈਨੀਵਾਲ, ਮਨਬੀਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਨੇ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲੇ ਬਸਪਾ ਜ਼ਿਲ੍ਹਾ ਪ੍ਰਧਾਨ ਰਾਮਧਨ ਚੌਟਾਲਾ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਖੁਦਕੁਸ਼ੀ ਨਹੀਂ ਸੀ, ਸਗੋਂ ਇੱਕ ਯੋਜਨਾਬੱਧ ਪ੍ਰਸ਼ਾਸਨਿਕ ਕਤਲ ਸੀ। ਸਰਕਾਰ ਇਸ ਮਾਮਲੇ ਨੂੰ ਦਬਾਉਣ ਅਤੇ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨੂੰ ਬਸਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਪ੍ਰੇਮ ਸਿੰਘ ਰਾਠੀ (ਸੂਬਾ ਖਜ਼ਾਨਚੀ), ਲੀਲੂਰਾਮ ਆਸ਼ਾ ਖੇੜਾ (ਸਾਬਕਾ ਸੂਬਾ ਸਕੱਤਰ), ਪੰਨਾਲਾਲ, ਬੁੱਲੇ ਸ਼ਾਹ ਪੰਜੂਆਣਾ, ਜਸਵੰਤ ਸਿੰਘ, ਬੰਸ਼ੀਲਾਲ ਦਈਆ,ਕਾਰਤਿਕ ਮਹਿਰਾ, ਰਾਮਕੁਮਾਰ ਬੇਗੂ, ਅਮਨਦੀਪ, ਸ਼ੇਰ ਸਿੰਘ ਚੌਟਾਲਾ, ਵਿਨੋਦ ਕੁਮਾਰ ਅਤੇ ਭਾਲਾ ਰਾਮ ਆਦਿ ਸਮੇਤ ਪਾਰਟੀ ਦੇ ਕਈ ਆਗੂ ਤੇ ਕਾਰਕੁਨ ਮੌਜੂਦ ਸਨ।