Congress Booth Campaign: ਮੌਕਾਪ੍ਰਸਤ Leaders ਲਈ ਪਾਰਟੀ ਦੇ ਦਰਵਾਜ਼ੇ ਬੰਦ: ਵੜਿੰਗ
‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਰੈਲੀ
ਇੱਥੇ ਛਾਉਣੀ ਵਿੱਚ ਕਾਂਗਰਸ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਤਹਿਤ ਵਰਕਰ ਮਿਲਣੀ ਅਤੇ ਰੈਲੀ ਕੀਤੀ ਗਈ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਬੂਥ ਪੱਧਰ ਉੱਤੇ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਵਰਕਰਾਂ ਵਿੱਚ ਜੋਸ਼ ਭਰਨਾ ਸੀ।
ਰੈਲੀ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਸਪੱਸ਼ਟ ਕਿਹਾ ਕਿ ਕਾਂਗਰਸ ਆਪਣੇ ਵਫ਼ਾਦਾਰ ਵਰਕਰਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੋ ਨੇਤਾ ਆਪਣੀ ਸਿਆਸੀ ਵਫ਼ਾਦਾਰੀ ਬਦਲਦੇ ਹਨ ਅਤੇ ਚੋਣਾਂ ਤੋਂ ਪਹਿਲਾਂ ਪਾਰਟੀ ਬਦਲ ਕੇ ਟਿਕਟ ਦੀ ਝਾਕ ਰੱਖਦੇ ਹਨ, ਉਨ੍ਹਾਂ ਲਈ ਕਾਂਗਰਸ ਦੇ ਦਰਵਾਜ਼ੇ ਬੰਦ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਅਜਿਹੇ ਮੌਕਾਪ੍ਰਸਤਾਂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ, ਕਿਉਂਕਿ ਪਾਰਟੀ ਦਾ ਅਸਲ ਸਰਮਾਇਆ ਇਸ ਦੇ ਵਰਕਰ ਹਨ।
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਪ੍ਰਤੀਕਾਤਮਕ ਤੌਰ ਉੱਤੇ ‘ਖੂੰਡਾ’ ਚੁੱਕਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’, ਅਕਾਲੀ ਦਲ ਅਤੇ ਭਾਜਪਾ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ ਉੱਤੇ ਦਰਿਆਈ ਇਲਾਕਿਆਂ ਦੀਆਂ ਜ਼ਮੀਨਾਂ ਦੇ ਮਸਲੇ ਹੱਲ ਕੀਤੇ ਜਾਣਗੇ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਇੰਚਾਰਜ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਫਿਰੋਜ਼ਪੁਰ ਦਿਹਾਤੀ ਹਲਕੇ ਦੇ ਇੰਚਾਰਜ ਆਸ਼ੂ ਬੰਗੜ, ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ ਸਮੇਤ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਹਲਕਾ ਜ਼ੀਰਾ ਤੇ ਮੱਲਾਂਵਾਲਾ ਤੋਂ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਬਘੇਲ ਵੱਲੋਂ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੇ ਨਿਰਦੇਸ਼ਾਂ ਤਹਿਤ ਹਰ ਹਲਕੇ ਵਿੱਚ ਬੂਥ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਭੁਪੇਸ਼ ਬਘੇਲ ਨੇ ਵਰਕਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਵਿਧਾਨ ਸਭਾ ਹਲਕੇ ਵਿੱਚ ਵਰਕਰਾਂ ਨੂੰ ਸੋਸ਼ਲ ਮੀਡੀਆ, ਚੋਣ ਪ੍ਰਚਾਰ ਅਤੇ ਸੰਗਠਨਾਤਮਕ ਕੰਮਾਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਰਾਹੁਲ ਗਾਂਧੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ ਜਾ ਸਕੇ।

