ਕਾਂਗਰਸੀ ਆਗੂ ਜਸ਼ਨ ਚਹਿਲ ਵੱਲੋਂ ਪੋਲੀਏਵਰ ਨਾਲ ਮੁਲਾਕਾਤ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਆਪਣੀ ਕੈਨੇਡਾ ਦੀ ਫੇਰੀ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਲੀਏਵਰ ਨਾਲ ਮੁਲਾਕਾਤ ਕੀਤੀ। ਜਸ਼ਨ ਚਹਿਲ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤੀ ਵਿਦਿਆਰਥੀਆਂ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਚਰਚਾ ਕੀਤੀ। ਜਸ਼ਨ ਚਹਿਲ ਨੇ ਕਿਹਾ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਆਉਂਦੇ ਹਨ, ਪਰ ਕਈ ਵਾਰ ਟਰੈਵਲ ਏਜੰਟ ਉਨ੍ਹਾਂ ਨੂੰ ਉਹਲੇ 'ਚ ਰੱਖ ਕੇ ਗੈਰ ਮਿਆਰੀ ਕਾਲਜਾਂ ਵਿੱਚ ਦਾਖ਼ਲਾ ਦਿਵਾ ਦਿੰਦੇ ਹਨ, ਜਿਸ ਕਾਰਨ ਨਾ ਸਿਰਫ਼ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਉਹ ਆਪਣੇ ਕਰੀਅਰ ਦੇ ਮੋੜ ‘ਤੇ ਨਿਰਾਸ਼ਾ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਸਬੰਧੀ ਪੀਅਰ ਪੋਲੀਏਵਰ ਨੇ ਕਿਹਾ ਕਿ ਅੰਤਰਰਾਸ਼ਟਰੀ ਖ਼ਾਸਕਰ ਭਾਰਤ ਤੋਂ ਆਉਣ ਵਾਲੇ ਵਿਦਿਆਰਥੀ ਕੈਨੇਡਾ ਦੇ ਸਮਾਜ ਤੇ ਅਰਥਵਿਵਸਥਾ 'ਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਸੰਵਿਧਾਨ ਮੁਤਾਬਕ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਪੱਕਾ ਹੋਣ ਵਿੱਚ ਕੋਈ ਮੁਸ਼ਕਿਲ ਨਹੀਂ ਪੇਸ਼ ਹੋਣ ਦਿੱਤੀ ਜਾਵੇਗੀ ਤੇ ਉਨ੍ਹਾਂ ਦੀ ਸਰਕਾਰ ਆਉਣ ’ਤੇ ਇਸ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ।