ਸੰਜੀਵ ਕੁਮਾਰ ਹਾਂਡਾ
ਫ਼ਿਰੋਜ਼ਪੁਰ, 4 ਮਾਰਚ
ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਸ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਛੱਡ ਰਹੇ ਹਨ ਕਿਉਂਕਿ ਉਨ੍ਹਾਂ ਨੇ ਵੇਖ ਲਿਆ ਹੈ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਉਡੀਕ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਸਿਖਾਇਆ ਜਾ ਸਕੇ।