ਨਿਗਮ ਚੋਣਾਂ ਲਈ ਕਾਂਗਰਸ ਦੀਆਂ ਸਿਆਸੀ ਮਸ਼ਕਾਂ
ਕਾਂਗਰਸ ਪਾਰਟੀ ਨੇ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਮਸ਼ਕਾਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਸਬੰਧੀ ਚਰਚਾ ਕਰਨ ਲਈ ਅੱਜ ਇੱਥੇ ਕਾਂਗਰਸ ਭਵਨ ਵਿੱਚ ਵੱਡੀ ਗਿਣਤੀ ’ਚ ਪਾਰਟੀ ਦੇ ਅਹੁਦੇਦਾਰਾਂ ਨੇ ਹਾਜ਼ਰੀ ਭਰ ਕੇ ਵਿਚਾਰ-ਚਰਚਾ ਕੀਤੀ। ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ...
ਕਾਂਗਰਸ ਪਾਰਟੀ ਨੇ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ ਮਸ਼ਕਾਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਸਬੰਧੀ ਚਰਚਾ ਕਰਨ ਲਈ ਅੱਜ ਇੱਥੇ ਕਾਂਗਰਸ ਭਵਨ ਵਿੱਚ ਵੱਡੀ ਗਿਣਤੀ ’ਚ ਪਾਰਟੀ ਦੇ ਅਹੁਦੇਦਾਰਾਂ ਨੇ ਹਾਜ਼ਰੀ ਭਰ ਕੇ ਵਿਚਾਰ-ਚਰਚਾ ਕੀਤੀ। ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਪ੍ਰਧਾਨਗੀ ’ਚ ਜੁੜੇ ਕਾਂਗਰਸੀਆਂ ਅਤੇ ਸ਼ਹਿਰ ਦੇ ਸਾਰੇ 50 ਵਾਰਡਾਂ ਵਿੱਚ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੇ ਆਪਣੀਆਂ ਦਰਖ਼ਾਸਤਾਂ ਜ਼ਿਲ੍ਹਾ ਪ੍ਰਧਾਨ ਨੂੰ ਸੌਂਪੀਆਂ। ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਹਰ ਪੱਖੋਂ ਤਿਆਰ ਹੈ ਅਤੇ ਚੋਣਾਂ ਡਟ ਕੇ ਲੜੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਹਾਕਮ ਧਿਰ ਦੀ ਚੋਣਾਂ ਵਿੱਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪੂਰਨ ਬਹੁਮਤ ਨਾਲ ਨਗਰ ਨਿਗਮ ਦੇ ਹਾਊਸ ’ਚ ਆਏਗੀ। ਉਨ੍ਹਾਂ ਜਿੱਤ ਦੀ ਵਜ੍ਹਾ ਬਿਆਨਦਿਆਂ ਕਿਹਾ ਕਿ ਪੰਜਾਬੀ ਹਾਕਮ ਧਿਰ ਤੋਂ ਸਤੇ ਹੋਣ ਕਰਕੇ ਕਾਂਗਰਸ ਨੂੰ ਸੱਤਾ ’ਚ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਫ ਅਕਸ ਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਟਕਸਾਲੀ ਕਾਂਗਰਸੀ ਪਰਿਵਾਰਾਂ ਅਤੇ ਪਾਰਟੀ ਲਈ ਜੁਝਾਰੂ ਤੌਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਇਸ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੱਕ ਸੂਚੀਆਂ ਭੇਜੀਆਂ ਜਾਣਗੀਆਂ। ਇਸ ਮੌਕੇ ਨਗਰ ਸੁਧਾਰ ਟਰਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਬੀਬਾ ਅੰਮ੍ਰਿਤ ਗਿੱਲ, ਦਰਸ਼ਨ ਸਿੰਘ ਜੀਦਾ, ਬਲਰਾਜ ਸਿੰਘ ਪੱਕਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ ਨੇ ਵੀ ਸੰਬੋਧਨ ਕੀਤਾ।

