Congress Protest Over Voter List: ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਸਾੜੇ
ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਦੀ ਨਿਰਪੱਖ ਜਾਂਚ ਮੰਗੀ
ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ’ਤੇ ਕਾਂਗਰਸ ਵੱਲੋਂ ਇੱਥੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਜਿਸ ਉਪਰੰਤ ਰਾਸ਼ਟਰਪਤੀ ਦੇ ਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਦੀ ਨਿਰਪੱਖ ਜਾਂਚ ਅਤੇ ਕੱਟੀਆਂ ਵੋਟਾਂ ਬਹਾਲ ਕਰਨ ਦੀ ਮੰਗ ਕੀਤੀ ਗਈ। ਮੁਜ਼ਾਹਰੇ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ (ਦਿਹਾਤੀ) ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਤੋਂ ਇਲਾਵਾ ਪੀ ਪੀ ਸੀ ਸੀ ਦੇ ਡੈਲੀਗੇਟ ਕੇ ਕੇ ਅਗਰਵਾਲ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਮਾਰਕਫ਼ੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਅਸ਼ੋਕ ਕੁਮਾਰ ਅਤੇ ਪਵਨ ਮਾਨੀ ਨੇ ਮੰਗ ਕੀਤੀ ਕਿ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਪਾਸੇ ਕਰ ਕੇ ਨਿਰਪੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਗਿਆਨੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ, ਮਾਧਵ ਸ਼ਰਮਾ, ਦਰਸ਼ਨ ਸਿੰਘ, ਸੁਰਿੰਦਰਜੀਤ ਸਾਹਨੀ, ਅਵਤਾਰ ਗੋਨਿਆਣਾ, ਲਖਵਿੰਦਰ ਲੱਖਾ, ਰਾਜਵੀਰ ਸੇਖ਼ਪੁਰਾ, ਪਰਵਿੰਦਰ ਸਿੰਘ, ਜਗਮੀਤ ਸਿੰਘ, ਨਰੇਸ਼ ਗਰਗ, ਜਸ ਬੱਜੋਆਣਾ, ਕਿਰਨਜੀਤ ਗਹਿਰੀ, ਬਲਵੰਤ ਰਾਏ ਨਾਥ ਸਮੇਤ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਬਰਨਾਲਾ (ਪਰਸ਼ੋਤਮ ਬੱਲੀ): ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਡੀ ਸੀ ਦਫ਼ਤਰ ਅੱਗੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕੀਤੇ ਗਏ ਅਰਥੀ ਫੂਕ ਪ੍ਰਦਰਸ਼ਨ ਮੌਕੇ ਕਿਹਾ ਕਿ ਮੁੱਖ ਕਮਿਸ਼ਨਰ ਦੀ ਖ਼ੁਦ ਦੀ ਭਰੋਸੇਯੋਗਤਾ ਸਵਾਲਾਂ ਦੇ ਘੇਰੇ ਵਿੱਚ ਆ ਚੁੱਕੀ ਹੈ, ਜਿਸ ਲਈ ਉਨ੍ਹਾਂ ਦੀ ਅਹੁਦੇ ਤੋਂ ਫੌਰੀ ਛੁੱਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਮੇਸ਼ਾ ਨਿਰਪੱਖ ਭੂਮਿਕਾ ਲਈ ਜਾਣੀ ਜਾਂਦੀ ਇਸ ਉੱਚ ਸੰਸਥਾ ਦਾ ਅਕਸ ਮਿੱਟੀ ’ਚ ਮਿਲਾ ਦਿੱਤਾ ਗਿਆ ਹੈ। ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਗੁਪਤਾ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਭੇਜਿਆ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਤੇ ਸਾਬਕਾ ਨਗਰ ਕੌਂਸਲ ਬਰਨਾਲਾ ਪ੍ਰਧਾਨ ਮੱਖਣ ਸ਼ਰਮਾ, ਸਾਬਕਾ ਕੌਂਸਲਰ ਤੇ ਜ਼ਿਲ੍ਹਾ ਕਾਂਗਰਸ ਆਗੂ ਮਹੇਸ਼ ਲੋਟਾ, ਸੁਖਵਿੰਦਰ ਸਿੰਘ ਧਾਲੀਵਾਲ ਸ਼ਹਿਣਾ, ਬੀਰੂ ਸ਼ਰਮਾ ਸੇਖਾ, ਕੈਪਟਨ ਭੁਪਿੰਦਰ ਸਿੰਘ ਜਲੂਰ ਤੇ ਨਰਿੰਦਰ ਸ਼ਰਮਾ ਹਾਜ਼ਰ ਸਨ।
ਸਿਰਸਾ (ਪ੍ਰਭੂ ਦਿਆਲ): ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਗਿਆਨੇਸ਼ ਕੁਮਾਰਪੁਤਲਾ ਫੂਕਦਿਆਂ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਮਿਨੀ ਸਕੱਤਰੇਤ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕ ਭਰਤ ਸਿੰਘ ਬੇਨੀਵਾਲ, ਸਰਵਮਿੱਤਰ ਕੰਬੋਜ ਸਮੇਤ ਕਾਂਗਰਸੀ ਵਰਕਰ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੈਨੀਵਾਲ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਵੱਡੇ ਪੱਧਰ ’ਤੇ ਧਾਂਦਲੀ ਹੋਈ ਹੈ। ਉਨ੍ਹਾਂ ਸਿੱਧੇ ਤੌਰ ’ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਅਹੁਦੇ ਦੀ ਮਰਿਆਦਾ ਦੇ ਵਿਰੁੱਧ ਕੰਮ ਕਰਨ ਦਾ ਦੋਸ਼ ਲਾਇਆ।
ਬਾਘਾ ਪੁਰਾਣਾ (ਮੋਗਾ) (ਕਿਰਨਦੀਪ ਸਿੰਘ ਬੰਬੀਹਾ): ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਦੇ ਮੁੱਦੇ ਦੇ ਸਬੰਧ ’ਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਅਤੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਮਾਲਵਿਕਾ ਸੂਦ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਕਾਂਗਰਸੀਆਂ ਨੇ ਵਰ੍ਹਦੇ ਮੀਂਹ ’ਚ ਰੋਸ ਪ੍ਰਗਟਾਇਆ
ਮਾਨਸਾ (ਜੋਗਿੰਦਰ ਸਿੰਘ ਮਾਨ): ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਜ਼ਿਲ੍ਹਾ ਕਚਹਿਰੀਆਂ ਵਿੱਚ ਮੀਂਹ ’ਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਅਧਿਕਾਰ ਹਰੇਕ ਯੋਗ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਹੱਕ ਨਾਲ ਜੁੜੀ ਕਿਸੇ ਵੀ ਚਿੰਤਾ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਲੋਕਤੰਤਰੀ ਪ੍ਰਬੰਧ ਦੀ ਬੁਨਿਆਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਚੋਣ ਕਮਿਸ਼ਨ ਸਬੰਧੀ ਉਠਾਏ ਜਾ ਰਹੇ ਮੁੱਦਿਆਂ ’ਤੇ ਸਰਕਾਰ ਅਤੇ ਸਬੰਧਤ ਸੰਸਥਾਵਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਅਰਸ਼ਦੀਪ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਪਵਨ ਕੁਮਾਰ, ਹਰਪ੍ਰੀਤ ਸਿੰਘ ਪਿਆਰੀ, ਬਲਜੀਤ ਸ਼ਰਮਾ ਤੇ ਅਮਨ ਸਿੰਗਲਾ ਵੀ ਮੌਜੂਦ ਸਨ।
ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫਤਾਰੀ ਦੀ ਮੰਗ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਭਾਰਤੀ ਚੋਣ ਕਮਿਸ਼ਨ ਖ਼ਿਲਾਫ਼ ਡੀ ਸੀ ਦਫ਼ਤਰ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਸਿੱਧੂ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਵੱਲੋਂ ਐੱਸ ਆਈ ਆਰ ਦੇ ਮਾਧਿਅਮ ਰਾਹੀਂ ਵੋਟਰ ਸੂਚੀਆਂ ਵਿੱਚ ਕਥਿਤ ਤੌਰ ’ਤੇ ਭਾਰੀ ਗੜਬੜੀ ਅਤੇ ਵੋਟਾਂ ਦੀ ਧਾਂਦਲੀ ਕੀਤੀ ਜਾ ਰਹੀ ਹੈ। ਪਾਰਟੀ ਦੀ ਸਪੱਸ਼ਟ ਮੰਗ ਹੈ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਤੁਰੰਤ ਅਪਰਾਧਿਕ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਅੰਤ ਵਿੱਚ ਡਿਪਟੀ ਕਮਿਸ਼ਨਰ ਦੇ ਮਾਧਿਅਮ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਦੌਰਾਨ ਭਾਜਪਾ ਦੇ ਤਰਜਮਾਨ ਐਡਵੋਕੇਟ ਅਨੁਰਾਗ ਸ਼ਰਮਾ ਨੇ ਡੀ ਸੀ ਦਫ਼ਤਰ ਅੱਗੇ ਕਾਂਗਰਸੀਆਂ ਵੱਲੋਂ ਦਿੱਤੇ ਗਏ ਧਰਨੇ ’ਤੇ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰੇ ਦੇਸ਼ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਅਤੇ ਕਮਜ਼ੋਰੀਆਂ ਦਾ ਭਾਂਡਾ ਚੋਣ ਕਮਿਸ਼ਨ ਦੇ ਸਿਰ ਭੰਨ ਕੇ ਖ਼ੁਦ ਨੂੰ ਸੱਚੀ ਅਤੇ ਨਿਰਦੋਸ਼ ਸਾਬਤ ਕਰਨਾ ਚਾਹੁੰਦੀ ਹੈ।
ਐੱਸ ਆਈ ਆਰ ਮੁੜ ਕਰਵਾਈ ਜਾਵੇ: ਰਾਜਾ ਵੜਿੰਗ
ਫ਼ਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਕਾਂਗਰਸ ਕਮੇਟੀ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਵਿੱਚ ਕਥਿਤ ਧਾਂਦਲੀਆਂ ਅਤੇ ਵੋਟ ਚੋਰੀ ਦੇ ਦੋਸ਼ਾਂ ਸਬੰਧੀ ਮਾਮਲੇ ’ਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਪੁੱਜੇ। ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਧਰਨੇ ਵਿੱਚ ਸ਼ਿਰਕਤ ਕੀਤੀ। ਧਰਨੇ ਤੋਂ ਬਾਅਦ ਕਾਂਗਰਸੀ ਨੇਤਾਵਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪਾਇਲਟ ਚੌਕ ਤੱਕ ਰੋਸ ਮਾਰਚ ਕੀਤਾ ਗਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨਰ ’ਤੇ ਵੋਟ ਚੋਰੀ ਦੇ ਗੰਭੀਰ ਦੋਸ਼ ਲਾਏ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਗੈਂਗਵਾਰ ਦੇ ਮੁੱਦੇ ’ਤੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਜਿਨ੍ਹਾਂ ਲੋਕਾਂ ਵਿਰੁੱਧ ਪਹਿਲਾਂ ਗੈਂਗਸਟਰ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਦੀ ਗੱਲ ਕਹੀ ਜਾਂਦੀ ਸੀ, ਹੁਣ ਉਹ ਸਿਆਸੀ ਸਰਪ੍ਰਸਤੀ ਹਾਸਲ ਕਰ ਰਹੇ ਹਨ।

