Congress Protests against Fuel Price Hike: ਕਾਂਗਰਸੀਆਂ ਵੱਲੋਂ ਰੇਹੜਿਆਂ ’ਤੇ ਧਰਨੇ
ਕੇਂਦਰ ਸਰਕਾਰ ਤੋਂ ਵਧੀਆਂ ਕੀਮਤਾਂ ਤੁਰੰਤ ਵਾਪਸ ਲੈਣ ਦੀ ਮੰਗ
ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਖ਼ਿਲਾਫ਼ ਕਾਂਗਰਸੀਆਂ ਨੇ ਸੜਕਾਂ ’ਤੇ ਉਤਰ ਕੇ ਮੋਦੀ ਸਰਕਾਰ ਦੀ ਖ਼ਿਲਾਫ਼ਤ ਕੀਤੀ। ਕਾਂਗਰਸੀ ਵਰਕਰਾਂ ਨੇ ਖੱਚਰ ਰੇਹੜਿਆਂ ਦੀ ਸਵਾਰੀ ਕਰ ਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਕਿ ਡੀਜ਼ਲ, ਪੈਟਰੋਲ, ਰਸੋਈ ਗੈਸ ਅਤੇ ਸੀ ਐੱਨ ਜੀ ਹੁਣ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਗਏ ਹਨ। ਜ਼ਿਲ੍ਹਾ ਕਾਂਗਰਸ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ’ਚ ਹੋਏ ਇਸ ਮੁਜ਼ਾਹਰੇ ਦੌਰਾਨ ਸੰਬੋਧਨ ਕਰਦਿਆਂ ਖ਼ੁਦ ਸ੍ਰੀ ਗਰਗ, ਪੰਜਾਬ ਕਾਂਗਰਸ ਦੇ ਡੈਲੀਗੇਟ ਤੇ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ ਨੇ ਮੋਦੀ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਾਰਪੋਰੇਟ ਕੰਪਨੀਆਂ ਦਾ ਹੱਥ ਠੋਕਾ ਬਣੀ ਮੋਦੀ ਸਰਕਾਰ ਨੇ ਪੈਟਰੋਲੀਅਮ ਕੰਪਨੀਆਂ ਨੂੰ ਲੋਕਾਂ ਦੇ ਖੀਸੇ ਕੱਟਣ ਦੀ ਖੁੱਲ੍ਹ ਦਿੱਤੀ ਹੋਈ ਹੈ, ਜਿਸ ਦਾ ਨਤੀਜਾ ਇਹ ਹੈ ਕਿ ਕੰਪਨੀਆਂ ਨੇ ਦੋ ਹਫ਼ਤਿਆਂ ’ਚ ਚਾਰ ਦਫ਼ਾ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਈਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੋਦੀ ਸਰਕਾਰ ਨੇ ਵਧੀਆਂ ਕੀਮਤਾਂ ਵਾਪਸ ਨਾ ਲਈਆਂ ਤਾਂ ਕਾਂਗਰਸ ਪਾਰਟੀ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰੇਗੀ। ਇਸ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਅਸ਼ੋਕ ਕੁਮਾਰ, ਅਰੁਣ ਵਧਾਵਨ, ਬਲਵੰਤ ਰਾਏ ਨਾਥ, ਕਿਰਨਜੀਤ ਗਹਿਰੀ, ਰੁਪਿੰਦਰ ਪਾਲ ਸਿੰਘ, ਨਰੇਸ਼ ਗਰਗ, ਮਾਧਵ ਸ਼ਰਮਾ, ਬਲਜੀਤ ਸਿੰਘ, ਰਾਜਨਦੀਪ ਸਿੰਘ, ਨੱਥੂ ਰਾਮ, ਨਰਿੰਦਰ ਸਿੱਧੂ, ਗੁਰਜੰਟ ਸਿੰਘ, ਸੁਨੀਲ ਕੁਮਾਰ ਅਤੇ ਰਮਨ ਢਿੱਲੋਂ ਨੇ ਵੀ ਸੰਬੋਧਨ ਕੀਤਾ।
ਬਰੇਟਾ (ਮਾਨਸਾ) (ਜੋਗਿੰਦਰ ਸਿੰਘ ਮਾਨ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੈਟਰੋਲ, ਡੀਜ਼ਲ, ਘਰੇਲੂ ਗੈਸ, ਸੀ ਐੱਨ ਜੀ ਅਤੇ ਮੋਬਾਈਲ ਰਿਚਾਰਜ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਵੱਲੋਂ ਬਰੇਟਾ ਵਿੱਚ ਵਿਲੱਖਣ ਢੰਗ ਨਾਲ ਰੋਸ ਪ੍ਰਗਟਾਇਆ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੱਚਰ ਰੇਹੜੇ ਉਪਰ ਬੈਠ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਉਜਾਗਰ ਕੀਤਾ।
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕੇਂਦਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਕੇ ਦੇਸ਼ ਦੀ ਆਰਥਿਕਤਾ ਨੂੰ ਹਿਲਾਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਜੀਤ ਇੰਦਰ ਸਿੰਘ ਮੋਫਰ, ਅਰਸ਼ਦੀਪ ਗਗੋਵਾਲ, ਗੁਰਪ੍ਰੀਤ ਵਿੱਕੀ, ਸੁਰੇਸ਼ ਨੰਦਗੜ੍ਹੀਆ, ਚਮਕੌਰ ਸਿੰਘ ਮੂਸਾ, ਨਰੋਤਮ ਚਾਹਿਲ, ਬਲਵਿੰਦਰ ਨਾਰੰਗ, ਬਲਵੀਰ ਸਿੰਘ ਦੰਦੀਵਾਲ, ਜਤਿੰਦਰ ਕੁਮਾਰ ਆਗਰਾ ਤੇ ਬਲਕਰਨ ਸਿੰਘ ਬੱਲੀ ਨੇ ਵੀ ਸੰਬੋਧਨ ਕੀਤਾ।
ਸਾਬਕਾ ਵਿਧਾਇਕ ਜੀਰਾ ਵੱਲੋਂ ਬੈਲਗੱਡੀ ’ਤੇ ਮਾਰਚ
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਤੇ ਵਧ ਰਹੀ ਮਹਿੰਗਾਈ ਖ਼ਿਲਾਫ਼ ਜ਼ੀਰਾ ਵਿੱਚ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਅਤੇ ਕਾਂਗਰਸੀ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਬੈਲਗੱਡੀ ਅਤੇ ਸਾਈਕਲਾਂ ਰਾਹੀਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ। ਸ੍ਰੀ ਜ਼ੀਰਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਨਾ ਘਟਾਈਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੇ ਦਫ਼ਤਰਾਂ, ਮੰਤਰੀਆਂ ਦੀਆਂ ਕੋਠੀਆਂ ਅਤੇ ਡੀ ਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਕੌਸਲਰ ਅਸ਼ੋਕ ਕੁਮਾਰ ਮਨਚੰਦਾ, ਗੁਰਭਗਤ ਸਿੰਘ ਗਿੱਲ, ਸਾਬਕਾ ਸਰਪੰਚ ਜਨਕ ਰਾਜ ਸ਼ਰਮਾ, ਸਾਬਕਾ ਸਰਪੰਚ ਨਵਤੇਜ ਸਿੰਘ ਵਿੱਕੀ, ਅੱਪੂ ਮਨਚੰਦਾ, ਪ੍ਰਿਤਪਾਲ ਸਿੰਘ ਕਾਕਾ ਜੈਲਦਾਰ ਤੇ ਕਾਂਗਰਸੀ ਕਾਰਕੁਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

