ਕਾਂਗਰਸੀ ਵਰਕਰਾਂ ਨੂੰ ਚੋਣਾਂ ’ਚ ਜੀਅ ਜਾਨ ਨਾਲ ਕੁੱਦਣ ਦਾ ਸੱਦਾ
ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀਆਂ ਤਿਆਰੀਆਂ ਲਈ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਚੋਣਾਂ ਬਿਲਕੁਲ ਸਿਰ ’ਤੇ ਹਨ, ਇਸ ਕਰਕੇ ਉਹ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕਰ ਦੇਣ। ਕਾਂਗੜ ਨੇ ਕਿਹਾ ਕਿ ਉਹ ਇਨ੍ਹਾਂ ਚੋਣਾਂ ਦੌਰਾਨ ਹਲਕੇ ਦੇ ਹਰ ਪਿੰਡ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਦੀ ਸਰਗਰਮੀ ’ਤੇ ਨੇੜਿਓ ਨਜ਼ਰ ਰੱਖਣਗੇ, ਜਿੰਨ੍ਹਾਂ ਦਾ ਕੰਮ ਕਾਬਲੇ ਤਾਰੀਫ਼ ਨਜ਼ਰ ਆਇਆ, ਕਾਂਗਰਸ ਸਰਕਾਰ ਆਉਣ ’ਤੇ ਉਨ੍ਹਾਂ ਆਗੂਆਂ ਨੂੰ ਸਰਕਾਰੇ ਦਰਬਾਰੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਖ਼ਤ ਨਰਾਜ਼ ਹਨ। ਇਸ ਮੀਟਿੰਗ ਨੂੰ ਤੀਰਥ ਸਿੰਘ ਸਿੱਧੂ ਦਿਆਲਪੁਰਾ, ਗੁਰਦੀਪ ਸਿੰਘ ਗਿੱਲ, ਸਾਬਕਾ ਸਰਪੰਚ ਰਾਮ ਸਿੰਘ ਭੋਡੀਪੁਰਾ, ਇੰਦਰਜੀਤ ਸਿੰਘ ਜੱਗਾ ਅਤੇ ਕਰਮਜੀਤ ਸਿੰਘ ਖਾਲਸਾ ਨੇ ਸੰਬੋਧਨ ਕੀਤਾ।
