ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੜਕਾਂ ’ਤੇ ਉੱਤਰੇ ਕਾਂਗਰਸੀ
ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅੱਜ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ। ਯੂਥ ਕਾਂਗਰਸੀ ਆਗੂ ਬਨੀ ਖਹਿਰਾ ਅਤੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲ੍ਹੀਵਾਲ ਦੀ ਅਗਵਾਈ ਵਿੱਚ ਕਾਂਗਰਸ ਵੱਲੋਂ ਹਲਕੇ ਦੇ 10 ਪਿੰਡਾਂ ਵਿੱਚ ਟਰਕੈਟਰ ਮਾਰਚ ਕਰਕੇ ‘ਆਪ’ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਲੋਕਾਂ ਦੇ ਇਕੱਠਾਂ ਨੂੰ ਸੰਬਧੋਨ ਕਰਦਿਆਂ ਕਾਂਗਰਸੀ ਆਗੂ ਬਨੀ ਖਹਿਰਾ ਅਤੇ ਸ਼ੰਮੀ ਠੁੱਲ੍ਹੀਵਾਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ’ਚ 65 ਹਜ਼ਾਰ ਏਕੜ ਖੇਤੀਯੋਗ ਜ਼ਮੀਨ ਐਕੁਆਇਰ ਕਰਕੇ ਖੇਤੀ ਦਾ ਉਜਾੜਾ ਕਰਨ ਦੀ ਨੀਤੀ ਘੜੀ ਗਈ ਹੈ। ਇਹ ਨੀਤੀ ਖੇਤੀ ਅਤੇ ਕਿਸਾਨੀ ਦੇ ਨਾਲ-ਨਾਲ ਪੰਜਾਬ ਦੇ ਵਪਾਰੀ, ਮਜ਼ਦੂਰਾਂ ਸਮੇਤ ਹਰ ਵਰਗ ਨੂੰ ਪ੍ਰਭਾਵਿਤ ਕਰੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਖੇਤੀ ਨੂੰ ਉਜਾੜਨ ਵਾਲੀ ਇਸ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਸੂਬਾ ਅਤੇ ਜ਼ਿਲ੍ਹਾ ਲੀਡਰਸ਼ਿਪ ਦੀ ਅਗਵਾਈ ਵਿੱਚ ਇਸ ਨੀਤੀ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਕਿਸੇ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਸਰਬਜੀਤ ਸਿੰਘ ਸਰਬੀ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਦਲਜੀਤ ਸਿੰਘ ਮਾਨ ਬਲਾਕ ਪ੍ਰਧਾਨ ਕਿਸਾਨ ਸੈੱਲ, ਬਲਵੰਤ ਰਾਏ ਸ਼ਰਮਾ ਜ਼ਿਲਾ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
ਸਾਬਕਾ ਵਿਧਾਇਕਾ ਰੂਬੀ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ
ਮਲੋਟ (ਲਖਵਿੰਦਰ ਸਿੰਘ): ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਦੀ ਉਪਜਾਊ ਜ਼ਮੀਨ, ਕਿਸਾਨੀ ਅਤੇ ਆਮ ਲੋਕਾਂ ਦੇ ਹੱਕਾਂ 'ਤੇ ਸਿੱਧਾ-ਸਿੱਧਾ ਹਮਲਾ ਹੈ। ਉਨ੍ਹਾਂ ਇਸ ਨੀਤੀ ਨੂੰ ਨਿੱਜੀਕਰਨ ਦੀ ਨੀਂਹ ਤੇ ਲੋਕ-ਵਿਰੋਧੀ ਚਾਲ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨ ਮਾਲਕਾਂ ਦੀ ਸਲਾਹ ਲਏ ਬਗੈਰ ਲੈਂਡ ਪੂਲਿੰਗ ਪਾਲਿਸੀ ਲਾਗੂ ਕਰਨਾ ਤਨਾਸ਼ਾਹੀ ਰਵੱਈਆ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਨੂੰ ਉਦਯੋਗਕ ਨਿਵੇਸ਼ਕਾਂ ਦੇ ਹਵਾਲੇ ਕਰਨ ਦੀ ਯੋਜਨਾ ਹੈ। ਉਨ੍ਹਾਂ 'ਆਪ' ਦੀ ਸਰਕਾਰ ਨੂੰ ਸਵਾਲ ਪੁੱਛਿਆ ਕਿ ਕੀ ਪੰਜਾਬ ਦੀ ਜਨਤਾ ਨੂੰ ਨੀਤੀ ਬਾਰੇ ਪੁੱਛਿਆ ਗਿਆ? ਪਾਲਿਸੀ ਤਿਆਰ ਕਰਨ ਤੋਂ ਪਹਿਲਾਂ ਕਿਸੇ ਵੀ ਪਿੰਡ ਤੇ ਜ਼ਿਲ੍ਹਾ ਪੱਧਰ ’ਤੇ ਲੋਕ ਰਾਇ ਲਈ ਗਈ ਸੀ।