ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਦੇ ਹਾਲਾਤ ’ਚ ਸੁਧਾਰ ਨਹੀਂ ਹੋਇਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਜਿਵੇਂ ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕੌਮ ਅਤੇ ਟ੍ਰਾਂਸਕੋ ਆਦਿ ਵਿੱਚ ਲੰਬੇ ਅਰਸੇ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ‘ਆਪ’ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਤਾਂ ਕੀ ਕਰਨਾ ਸੀ ਸਗੋਂ ਠੇਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ ਕਰ ਰਹੇ ਸਾਂਝੇ ਧੜੇ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਨੂੰ ਵੱਖ-ਵੱਖ ਸਾਜ਼ਿਸ਼ੀ ਢੰਗ-ਤਰੀਕਿਆਂ ਨਾਲ਼ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਟਵਾਲ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਮਲੋਟ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਕੁਮਾਰ ਤੇ ਜ਼ਿਲ੍ਹਾ ਖਜ਼ਾਨਚੀ ਮੋਨੂੰ ਕੁਮਾਰ ਨੇ ਕਿਹਾ ਕਿ ਸਬ-ਕਮੇਟੀ ਨਾਲ 20 ਅਗਸਤ ਦੀ ਮੀਟਿੰਗ ਨਾ ਹੋਣ ਕਾਰਨ 21 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ 11 ਸਤੰਬਰ 2025 ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਇਕੱਤਰਤਾ ਕਰ ਕੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।