ਠੇਕਾ ਮੁਲਾਜ਼ਮਾਂ ਨੇ ਥਰਮਲ ਦੇ ਗੇਟ ਅੱਗੇ ਸਰਕਾਰ ਦਾ ਪੁਤਲਾ ਫੂਕਿਆ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੁਆਰਾ ਮੀਟਿੰਗਾਂ ਦੇ ਲਿਖਤੀ ਸੱਦੇ ਦੇ ਕੇ ਮੀਟਿੰਗਾਂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਨ੍ਹਾਂ ਸਰਕਾਰ ਦੀ ਲਾਰੇ-ਲੱਪੇ ਅਤੇ ਨਿੱਜੀਕਰਨ ਦੀ ਨੀਤੀ ਵਿਰੁੱਧ ਨਾਅਰੇਬਾਜ਼ੀ ਕੀਤੀ। ਸੂਬਾਈ ਆਗੂ ਜਗਰੂਪ ਸਿੰਘ ਲਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸਡ ਅਤੇ ਐਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ ਲੁੱਟ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਇਸ ਐਲਾਨ ’ਤੇ ਕੋਈ ਅਮਲ ਨਹੀਂ ਹੋਇਆ ਅਤੇ ਨਾ ਹੀ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮ 11 ਸਤੰਬਰ ਨੂੰ ਸੰਗਰੂਰ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਨਗੇ।
ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕਰਕੇ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ।
ਕਲਰਕ ਨੂੰ ਰਿਲੀਵ ਨਾ ਕਰਨ ਖ਼ਿਲਾਫ਼ ਨਾਅਰੇਬਾਜ਼ੀ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪਾਵਰਕੌਮ ਦੇ ਕਲਰਕ ਦੀ ਚਾਰ ਮਹੀਨੇ ਪਹਿਲਾਂ ਮੁਕਤਸਰ ਤੋਂ ਮਾਨਸਾ ਵਿਖੇ ਹੋਈ ਬਦਲੀ ਉਪਰੰਤ ਉਸ ਨੂੰ ਰਿਲੀਵ ਨਾ ਕੀਤੇ ਜਾਣ ’ਤੇ ਬਿਜਲੀ ਕਾਮਿਆਂ ਵੱਲੋਂ ਲੜੀਵਾਰ ਸੰਘਰਸ਼ ਤਹਿਤ ਅੱਜ ਉਪ ਮੰਡਲ ਬਰੀਵਾਲਾ ਵਿੱਚ ਕਾਰਜਕਾਰੀ ਇੰਜੀਨੀਅਰ ਵੰਡ ਮੰਡਲ ਦੇ ਵਿਰੁੱਧ ਰੋਸ ਰੈਲੀ ਕੀਤੀ ਗਈ। ਆਗੂ ਸੁੰਦਰ ਸਿੰਘ, ਬਲਜਿੰਦਰ ਸਿੰਘ ਨੇ ਕਿਹਾ ਕਿ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪਰਗਟ ਸਿੰਘ ਨੂੰ ਰਿਲੀਵ ਨਾ ਕੀਤਾ ਗਿਆ ਤਾਂ ਜਥੇਬੰਦੀ 2 ਸਤੰਬਰ ਨੂੰ ਮੰਡਲ ਦਫਤਰ ਮੁਕਤਸਰ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।