ਪੱਤਰ ਪ੍ਰੇਰਕ
ਭੁੱਚੋ ਮੰਡੀ, 1 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਕਾਮਿਆਂ ਦੀ ਕੀਤੀ ਗਈ ਅਣਦੇਖੀ ਖ਼ਿਲਾਫ਼ ਥਰਮਲ ਦੇ ਮੁੱਖ ਗੇਟ ’ਤੇ ਰੈਲੀ ਕੀਤੀ। ਉਨ੍ਹਾਂ ਵਰ੍ਹਦੇ ਮੀਂਹ ਵਿੱਚ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਦੀ ਸਰਵਿਸ ਰੋਡ ’ਤੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਅਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਖਾਸਕਰ ਆਊਟਸੋਰਸਡ (ਠੇਕੇਦਾਰਾਂ ਅਤੇ ਕੰਪਨੀਆਂ ਰਾਹੀਂ), ਇਨਲਿਸਟਮੈਂਟ ਸਮੇਤ ਹੋਰ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਆਪਣਾ ਮੂੰਹ ਤੱਕ ਨਹੀਂ ਖੋਲ੍ਹਿਆ ਅਤੇ ਨਾ ਹੀ ਉਨ੍ਹਾਂ ਨੂੰ ਗੁਜ਼ਾਰੇਯੋਗ ਤਨਖਾਹ ਦੇਣ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਹੈ ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਨਿੱਜੀਕਰਨ ਅਤੇ ਕਾਰਪੋਰੇਟਾਂ ਦਾ ਪੱਖ ਪੂਰ ਰਹੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਨਾਲ ਲਿਖਤੀ ਭਰੋਸੇ ਦੇ ਕੇ ਲਗਾਤਾਰ ਮੀਟਿੰਗਾਂ ਤੋਂ ਭੱਜ ਰਹੀ ਹੈ।
ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਬਠਿੰਡਾ (ਸ਼ਗਨ ਕਟਾਰੀਆ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਗੁਰਵਿੰਦਰ ਪਨੂੰ, ਹਰਜਿੰਦਰ ਸਿੰਘ ਅਤੇ ਖੁਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਵੀ ਠੇੇਕਾ ਮੁਲਾਜ਼ਮਾਂ ਦੀ ਸਾਰ ਨਹੀਂ ਲੈ ਰਹੀ। ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ’ਚ ਰੈਗੂਲਰ ਕਰਨ ਦੀ ਥਾਂ ’ਤੇ ਨਵੀਆਂ ਕਮੇਟੀਆਂ ਅਤੇ ਨਵਾਂ ਕਾਨੂੰਨ ਬਣਾਉਣ ਦੀਆਂ ਹੀ ਗੱਲਾਂ ਹੋ ਰਹੀਆਂ ਹਨ। ਕਰਮਜੀਤ ਦਿਉਣ ਤੇ ਇਕਬਾਲ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਮੌਕੇ ਗੋਰਾ ਦਿਉਣ, ਦਰਵੇਸ਼ ਸਿੰਘ, ਦਿਨੇਸ਼, ਗਗਨ ਸਿੰਘ, ਗੁਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ।