ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੁਆਰਾ ਸਰਕਾਰੀ ਜ਼ਮੀਨਾਂ ਵੇਚੇ ਜਾਣ ਦੇ ਵਿਰੋਧ ਵਿੱਚ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ ਅਤੇ ਬਠਿੰਡਾ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਜਾਰੀ ਕੀਤੇ ਨੋਟੀਫੀਕੇਸ਼ਨ ਦੀਆਂ ਕਾਪੀਆਂ ਸਾੜੀਆਂ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ ਕੀਤੀ।
ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਵਿੱਤ ਸਕੱਤਰ ਲਛਮਣ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਮਰਾਜੀਆਂ ਦੇ ਹਿੱਤ ਵਿੱਚ ਫੈਸਲੇ ਲੈਂਦਿਆਂ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ 2025 ਨੂੰ ਪਾਸ ਕਰਨ ਦੇ ਰਾਹ ਪਈ ਹੋਈ ਹੈ ਅਤੇ ਪੰਜਾਬ ਸਰਕਾਰ ਬਠਿੰਡਾ ਥਰਮਲ ਕਾਲੋਨੀ ਸਮੇਤ ਪਾਵਰ ਕਾਰਪੋਰੇਸ਼ਨ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਲੈ ਰਹੀ ਹੈ। ਸਰਕਾਰਾਂ ਦੇ ਇਹ ਫੈਸਲੇ ਨਿਰੋਲ ਲੋਕ ਵਿਰੋਧੀ ਹਨ। ਨਿੱਜੀਕਰਨ ਦੀ ਇਸ ਨੀਤੀ ਨੂੰ ਲਾਗੂ ਕਰਨ ਲਈ ਸਾਰੀਆਂ ਹਾਕਮ ਜਮਾਤੀ ਪਾਰਲੀਮਾਨੀ ਪਾਰਟੀਆਂ ਇਕਮੱਤ ਹਨ। ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਰੈਗੂਲਰ/ਪੈਨਸ਼ਨਰਜ਼/ਠੇਕਾ ਮੁਲਾਜ਼ਮਾਂ ਅਤੇ ਹੋਰ ਸੰਘਰਸ਼ਸ਼ੀਲ ਤਬਕਿਆਂ ਨੂੰ ਨਿੱਜੀਕਰਨ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਸਾਂਝੇ ਸੰਘਰਸ਼ ਦੀਆਂ ਤਿਆਰੀਆਂ ਵਿੱਚ ਜੁਟਣ ਦਾ ਸੱਦਾ ਦਿੱਤਾ।

