ਪੱਤਰ ਪੇ੍ਰਕ
ਭੁੱਚੋ ਮੰਡੀ, 3 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੁੱਖ ਮੰਗ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਲਈ ਥਰਮਲ ਦੇ ਕੰਮ ਦਾ ਪੂਰਨ ਬਾਈਕਾਟ ਕਰਕੇ ਦਿੱਤੇ ਗਏ ਦੋ ਰੋਜ਼ਾ ਧਰਨੇ ਦੇ ਅੱਜ ਪਹਿਲੇ ਦਿਨ ਬਠਿੰਡਾ ਜ਼ੀਰਕਪੁਰ ਕੌਮੀ ਮਾਰਗ ਦੀ ਇੱਕ ਸੜਕ ’ਤੇ ਪੂਰਨ ਜਾਮ ਲਗਾਇਆ ਗਿਆ। ਇਸ ਧਰਨੇ ਵਿੱਚ ਸ਼ਾਮਲ ਔਰਤਾਂ ਅਤੇ ਬੱਚੇ ਮੀਂਹ ਦੌਰਾਨ ਵੀ ਗਰਜਦੇ ਰਹੇ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ।
ਮਾਨਸਾ (ਪੱਤਰ ਪੇ੍ਰਕ): ਐਚ.ਐਨ.ਐਮ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਮਾਨਸੂਨ ਸੈਸ਼ਨ ਵਿੱਚ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਲਿਆਂਦੇ ਐਕਟ ਐਨ.ਐਚ.ਐਮ ਕਰਮਚਾਰੀ, ਸਰਵ ਸਿੱਖਿਆ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਬਾਹਰ ਰੱਖੇ ਜਾਣ ਦੀ ਨਿਖੇਧੀ ਕੀਤੀ ਹੈ। ਇਸੇ ਦੌਰਾਨ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਮਾਨਸਾ ਨੇ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਵਿਭਾਗ ’ਚ ਲੈਕੇ ਰੈਗੂਲਰ ਕਰਨ ਛਾਂਟੀ ਕੀਤੇ ਕਾਮੇ ਮੁੜ ਬਹਾਲ ਕਰਨ, ਤਨਖਾਹਾਂ ਵਿੱਚ ਕਟੌਤੀ ਕੀਤੀ ਵਾਪਸ ਕਰਨ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਗਿੱਦੜਬਾਹਾ (ਪੱਤਰ ਪੇ੍ਰਕ): ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਗਿੱਦੜਬਾਹਾ ਐਕਸੀਅਨ ਦੇ ਦਫ਼ਤਰ ਦੇ ਬਾਹਰ ਰੋਸ਼ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਦੋਦਾ (ਪੱਤਰ ਪੇ੍ਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮੁਲਾਜਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨ ਰੱਦ ਕਰਨ ਦੀਆਂ ਮੰਗਾਂ ਨੂੰ ਲੈ ਕੇ ਉਪ ਮੰਡਲ ਬਿਜਲੀ ਦਫਤਰ ਦੋਦਾ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਕਰਮਜੀਤ ਸਿੰਘ ਦਿਓਣ, ਗੁਰਦਿੱਤ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਬ੍ਰਾਂਚ ਮਾਨਸਾ ਦੇ ਆਉੂਟ ਸੋਰਸਿੰਗ ਕਾਮਿਆਂ ਨੇ ਪੂਰਨ ਤੌਰ ’ਤੇ ਵਿਭਾਗ ਦੇ ਕੰਮਾਂ ਦਾ ਬਾਈਕਾਟ ਕਰਦਿਆਂ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਭੀਖੀ (ਪੱਤਰ ਪੇ੍ਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਤੇ ਬਰਾਂਚ ਭੀਖੀ ਦੇ ਆਗੂ ਪਰਦੀਪ ਸਿੰਘ ਨੇ ਸੰਬੋਧਨ ਕੀਤਾ।
ਸਮੂਹਿਕ ਛੁੱਟੀ ਲੈ ਕੇ ਠੇਕਾ ਕਾਮਿਆਂ ਨੇ ਕੀਤਾ ਰੋਸ ਵਿਖਾਵਾ
ਜੈਤੋ (ਪੱਤਰ ਪੇ੍ਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਸਬੰਧਿਤ ਬਿਜਲੀ ਕਾਮਿਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲੈ ਕੇ ਸਰਕਾਰ ਅੱਜ ਸਮੂਹਿਕ ਛੁੱਟੀ ਦੌਰਾਨ ਰੋਸ ਰੈਲੀ ਕੀਤੀ। cਮੋਰਚੇ ਦੇ ਆਗੂ ਇਕਬਾਲ ਸਿੰਘ ਪੂਹਲਾ, ਗਗਨਦੀਪ ਸਿੰਘ, ਸੂਰਜ ਕੁਮਾਰ ਆਦਿ ਨੇ ਕਿਹਾ ਕਿ ਹੁਣ ਪੰਜਾਬ ’ਚ ਜਿੱਥੇ ਵੀ ਕਾਂਗਰਸੀ ਲੀਡਰ ਪਹੁੰਚਣਗੇ, ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਨ੍ਹਾਂ ਦੇ ਹਲਕੇ ਬਠਿੰਡਾ ’ਚ ਕੋਈ ਵੀ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ।