ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਫਰਵਰੀ
ਜੀਐੱਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਜਨਰਲ ਸਕੱਤਰ ਸੁਖਦੀਪ ਸਿੰਘ ਦੀ ਅਗਵਾਈ ਹੇਠ ਕੱਚੇ ਕਾਮਿਆਂ ਦੀ ਬਣਦੀ ਬਕਾਇਆ ਰਾਸ਼ੀ ਅਤੇ ਲਾਭ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਥਰਮਲ ਦੇ ਮੁੱਖ ਗੇਟ ਅੱਗੇ ਠੇਕੇਦਾਰ ਦੀ ਅਰਥੀ ਫੁਕੀ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜਨਰਲ ਸਕੱਤਰ ਸੁਖਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਮੱਖਣ ਸਿੰਘ ਅਤੇ ਹਰਬੰਸ ਸਿੰਘ ਨੇ ਕਿਹਾ ਕਿ ਠੇਕੇਦਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਵਧੇ ਰੇਟਾਂ ਦੇ ਹਿਸਾਬ ਨਾਲ ਮਾਰਚ 2020 ਤੋਂ ਦਸੰਬਰ 2021 ਤੱਕ ਦਾ ਲਗਪਗ 8500 ਰੁਪਏ ਪ੍ਰਤੀ ਮੁਲਾਜ਼ਮ ਬਣਦਾ ਬਕਾਇਆ ਨਹੀਂ ਮਿਲਿਆ। ਇਸ ਸਬੰਧੀ ਥਰਮਲ ਦੇ ਮੁੱਖ ਇੰਜਨੀਅਰ ਦਵਿੰਦਰ ਪਾਲ ਗਰਗ ਨੂੰ ਦਸ ਦਿਨ ਪਹਿਲਾਂ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਗਈ ਸੀ, ਪਰ ਕੋਈ ਸੁਣਵਾਈ ਨਹੀਂ ਹੋਈ।
ਉਨ੍ਹਾਂ ਥਰਮਲ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਠੇਕੇਦਾਰ ਤੋਂ ਐਨਆਈਟੀ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਵਾਈ ਜਾਵੇ, ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਫਰਮਾਂ ਦੇ ਟੈਂਡਰ ਤੁੰਰਤ ਰੱਦ ਕੀਤੇ ਜਾਣ।