ਠੇਕਾ ਮੁਲਾਜ਼ਮ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਇਸ ਘਿਰਾਓ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਸਰਕਾਰ ਕੋਲੋਂ ਮੰਗ ਕਰਨਗੇ ਕਿ ਐਨੇਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ਼ ਨੂੰ ਲਾਗੂ ਕੀਤਾ ਜਾਵੇ।
ਆਗੂਆਂ ਨੇ ਮੰਗ ਕੀਤੀ ਕਿ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋਂ-ਘੱਟ ਉਜਰਤ 34244 ਰੁਪਏ ਸਮੂਹ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਐਨੇਲਿਸਟਮੈਂਟ/ਆਊਟਸੋਰਸ ਵਰਕਰਾਂ ’ਤੇ ਲਾਗੂ ਕੀਤੀਆਂ ਜਾਣ, ਵਰਕਰਾਂ ਨੂੰ ਈ ਪੀ ਐੱਫ, ਈ ਐੱਸ ਆਈ ਸਹੂਲਤਾਂ ਦਿੱਤੀਆਂ ਜਾਣ। ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟਸੋਰਸ ਵਰਕਰਾਂ ਨੂੰ 8.33 ਪ੍ਰਤੀਸ਼ਤ ਬੋਨਸ ਤਨਖਾਹ ਦੇ ਨਾਲ ਦਿੱਤਾ ਜਾਵੇ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ/ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ।