ਗੁਰੂ ਹਰਗੋਬਿੰਦ ਸਾਹਿਬ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਜੀ ਐੱਚ ਟੀ ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਏਟਕ ਵੱਲੋਂ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਸਰਕਾਰ ਅਤੇ ਪ੍ਰਬੰਧਕਾਂ ਵੱਲੋਂ ਕੋਈ ਸੁਣਵਾਈ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਅਰਥੀ ਫੂਕੀ। ਇਸ ਦੌਰਾਨ ਮੁਲਾਜ਼ਮਾਂ ਨੇ ਪ੍ਰਬੰਧਕਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ।
ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਾਵਰਕੌਮ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਨਾਲ ਲਗਾਤਾਰ ਵਿਤਕਰਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਵੀਂ ਪਾਲਿਸੀ ਦੇ ਆਧਾਰ ’ਤੇ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਕੰਟਰੈਕਟ ਬੇਸ ’ਤੇ ਸਿੱਧਾ ਵਿਭਾਗ ਵਿੱਚ ਭਰਤੀ ਕਰੇ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਅਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਕੀ ਅਤੇ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਸਿੱਧੂਪੁਰ ਜਥੇਬੰਦੀ ਇਸ ਲੜਾਈ ਵਿੱਚ ਹਰ ਪੱਧਰ ’ਤੇ ਠੇਕਾ ਮੁਲਾਜ਼ਮਾਂ ਦੇ ਨਾਲ ਖੜ੍ਹੇਗੀ। ਰੈਲੀ ਨੂੰ ਯੂਨੀਅਨ ਆਗੂ ਹਰਪ੍ਰੀਤ ਸਿੰਘ, ਪ੍ਰਗਟ ਸਿੰਘ, ਮੱਖਣ ਸਿੰਘ, ਗੁਰਸੇਵਕ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਪਾਲ ਸਿੰਘ ਨੇ ਵੀ ਸੰਬੋਧਨ ਕੀਤਾ।

