ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਸਿਹਤ ਵਿਭਾਗ ਅਧੀਨ ਕੰਮ ਕਰਦੇ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਦੀ ਜਥੇਬੰਦੀ ਨੇ ਆਪਣੀਆਂ ਹੱਕੀ ਮੰਗਾਂ ਸਰਕਾਰ ਤੋਂ ਮੰਨਵਾਉਣ ਵਾਸਤੇ 11 ਅਗਸਤ ਨੂੰ ਡਾਇਰੈੈਕਟਰ ਸਿਹਤ ਵਿਭਾਗ ਦੇ ਚੰਡੀਗੜ੍ਹ ਦਫ਼ਤਰ ਅੱਗੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ।
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਖਾਲਸਾ ਨੇ ਦੱਸਿਆ ਕਿ ਹਾਈ ਕੋਰਟ ਤੇ ਪੰਜਾਬ ਦੇ ਸਿਹਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਸਿਹਤ ਵਿਭਾਗ ਕੰਟਰੈਕਟ ਮਲਟੀਪਰਪਜ਼ ਫੀਮੇਲ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕਰ ਰਿਹਾ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਫੰਡ ਵਗੈਰਾ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਉਹ ਆਪਣੇ ਕੇਂਦਰਾਂ ਨੂੰ ਚਲਾ ਸਕਣ। ਉਨ੍ਹਾਂ ਦੱਸਿਆ ਕਿ ਅਨੇਕਾਂ ਵਾਰ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਅਤੇ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਮੱਸਿਆ ਉਵੇਂ ਦੀ ਉਵੇਂ ਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਦਾ ਪੱਤਰ ਸਿਹਤ ਵਿਭਾਗ ਮਾਨਸਾ ਰਾਹੀਂ ਵਿਭਾਗ ਨੂੰ ਭੇਜਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ 10 ਅਗਸਤ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਦੇ ਮੈਂਬਰਾਂ ਵੱਲੋਂ 11 ਅਗਸਤ ਨੂੰ ਡਾਇਰੈਕਟਰ ਹੈਲਥ ਦੇ ਦਫਤਰ ਅੱਗੇ ਚੰਡੀਗੜ੍ਹ ’ਚ ਮੁਜ਼ਾਹਰਾ ਕੀਤਾ ਜਾਵੇਗਾ।