ਜਸਵੰਤ ਜੱਸ
ਫ਼ਰੀਦਕੋਟ, 15 ਮਾਰਚ
ਨਵੇਂ ਚੁਣੇ ਵਿਧਾਇਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਕੀਤੀ ਜਾ ਰਹੀ ਛਾਪੇਮਾਰੀ ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਮੁਲਾਜ਼ਮਾਂ ਨੇ ਛਾਪੇਮਾਰੀ ਕਰਨ ਵਾਲੇ ਆਗੂਆਂ ਉੱਪਰ ਦੁਰਵਿਹਾਰ ਅਤੇ ਅਸੱਭਿਅਕ ਭਾਸ਼ਾ ਵਰਤਣ ਦੇ ਦੋਸ਼ ਲਾਏ ਹਨ। ਫ਼ਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਵਿਧਾਇਕਾਂ ਤੇ ਆਗੂਆਂ ਵੱਲੋਂ ਪਿਛਲੇ ਦੋ ਦਿਨਾਂ ਵਿੱਚ ਕੁਝ ਸਰਕਾਰੀ ਦਫ਼ਤਰਾਂ ਦਾ ਦੌਰਾ ਕੀਤਾ ਹੈ ਜਿਸ ਨੂੰ ਛਾਪੇਮਾਰੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਧਾਇਕ ਅਤੇ ਵਰਕਰ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਸਕੂਲਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਜਾਨਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਇਸ ਪਹਿਲ ਨੂੰ ਗ਼ਲਤ ਰੰਗਤ ਨਹੀਂ ਦੇਣੀ ਚਾਹੀਦੀ ਅਤੇ ਜੇਕਰ ਕਿਸੇ ਮੁਲਾਜ਼ਮ ਨੂੰ ਕੁਝ ਦਿੱਕਤ ਹੈ ਤਾਂ ਉਹ ਵਿਧਾਇਕ ਨਾਲ ਇਸ ਬਾਰੇ ਗੱਲ ਕਰ ਸਕਦਾ ਹੈ। ਵਿਧਾਇਕ ਸੇਖੋਂ ਨੇ ਕਿਹਾ ਉਹ ਇੱਕ ਦਿਨ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਵਿਧਾਇਕਾਂ ਦੀ ਇਸ ਪਹਿਲਕਦਮੀ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ‘ਆਪ’ ਦੇ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਨੂੰ ਗ਼ਲਤ ਦੱਸਦਿਆਂ ਕਿਹਾ ਕਿ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਦਫਤਰਾਂ ਵਿਚ ਛਾਪੇਮਾਰੀ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪ ਆਗੂ ਨੂੰ ਜੇਕਰ ਕਿਸੇ ਸਰਕਾਰੀ ਦਫ਼ਤਰ ‘ਚ ਸੁਧਾਰ ਕਰਨਾ ਹੈ ਤਾਂ ਉਹ ਨਿਯਮਾਂ ਮੁਤਾਬਕ ਕਾਰਵਾਈ ਕਰੇ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਸ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਮੁਲਾਜ਼ਮਾਂ ਦੀ ਖੱਜਲ ਖੁਆਰੀ ਬੰਦ ਨਹੀਂ ਹੁੰਦੀ ਤਾਂ ਅਕਾਲੀ ਦਲ ਆਪ ਵਿਧਾਇਕਾਂ ਦੀ ਇਸ ਕਾਰਵਾਈ ਦਾ ਡੱਟ ਕੇ ਵਿਰੋਧ ਕਰੇਗਾ। ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਆਪ ਦੇ ਵਰਕਰ, ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਰਕਾਰੀ ਦਫਤਰਾਂ ਵਿਚ ਛਾਪੇਮਾਰੀ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਦਾ ਸੁਧਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਕੀਤਾ ਜਾ ਸਕਦਾ ਹੈ ਅਤੇ ਕਿਸੇ ਵੀ ਆਮ ਵਿਅਕਤੀ ਕੋਲੇ ਦਫ਼ਤਰਾਂ ਵਿੱਚ ਜਾ ਕੇ ਸਰਕਾਰੀ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਕਰਨ ਜਾਂ ਸਰਕਾਰੀ ਕੰਮ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ।
ਵਿਧਾਇਕਾਂ ਦੀਆਂ ਪਤਨੀਆਂ ਦੇ ਛਾਪਿਆਂ ਦੀ ਨਿਖ਼ੇਧੀ
ਮੋਗਾ (ਮਹਿੰਦਰ ਸਿੰਘ ਰੱਤੀਆਂ): ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਸਹੁੰ ਵੀ ਨਹੀਂ ਚੁੱਕੀ ਪਰ ਨਵੀਂ-ਨਵੀਂ ਹਾਸਲ ਕੀਤੀ ਸੱਤਾ ਦੇ ਨਸ਼ੇ ਵਿੱਚ ’ਆਪ’ ਵਿਧਾਇਕ ਹੀ ਨਹੀਂ ਸਗੋਂ ਉਨ੍ਹਾਂ ਦੀਆਂ ਪਤਨੀਆਂ ਵੀ ਸਰਕਾਰੀ ਦਫਤਰਾਂ ’ਚ ਛਾਪੇ ਮਾਰ ਰਹੀਆਂ ਹਨ ਜਿਸ ਕਾਰਨ ਮੁਲਾਜ਼ਮ ਔਖੇ ਹਨ। ਵਿਧਾਇਕਾਂ ਦੀਆਂ ਪਤਨੀਆਂ ’ਤੇ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਦੇ ਦੋਸ਼ ਲੱਗੇ ਹਨ। ਡੈਮੋਕਰੈਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਸੂਬਾ ਵਿੱਤ ਸਕੱਤਰ ਜਸਵਿੰਦਰ ਬਠਿੰਡਾ ਨੇ ਆਖਿਆ ਕਿ ਵਿਧਾਇਕਾਂ ਦੀਆਂ ਪਤਨੀਆਂ ਸਰਕਾਰੀ ਦਫਤਰਾਂ ਵਿੱਚ ਛਾਪੇਮਾਰੀ ਕਰਕੇ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰ ਰਹੀਆਂ ਹਨ। ਜਥੇਬੰਦੀ ਨੇ ਇਸ ਗੈਰਸੰਵਿਧਾਨਿਕ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।