ਪੱਤਰ ਪ੍ਰੇਰਕ
ਭਗਤਾ ਭਾਈ, 8 ਜੂਨ
ਬੇਜ਼ਮੀਨੇ ਪੇਂਡੂ ਤੇ ਖੇਤ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਸਿਰੀਏਵਾਲਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ ਕੀਤੀ ਗਈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਅਤੇ ਬਲਜੀਤ ਸਿੰਘ ਨਮੋਲ ਨੇ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮਜ਼ਦੂਰ ਵਰਗ ਦੀਆ ਮੰਗਾਂ ਉਪਰ ਚੁੱਪ ਧਾਰੀ ਹੋਈ ਹੈ ਤੇ ਇਹ ਸਰਕਾਰ ਮਜ਼ਦੂਰਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਕਰਕੇ ਦਲਿਤਾਂ, ਮਜ਼ਦੂਰਾਂ ਵਲੋਂ 2018 ਵਿੱਚ ਸੂਬਾ ਸਰਕਾਰ ਪਾਸੋਂ ਪੰਚਾਇਤੀ ਜ਼ਮੀਨਾਂ ਦੇ ਰਾਖਵੇਂ ਦੀ ਹਿੱਸੇ ਦੀ ਜ਼ਮੀਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਵਾਇਆ ਸੀ ਪਰ ਬਦਲਾਅ ਲਿਆਉਣ ਦਾ ਵਾਅਦਾ ਕਰਕੇ ਸੱਤਾ ‘ਚ ਆਈ ‘ਆਪ’ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਕਰਕੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਮਗਨਰੇਗਾ ਦਾ ਕੰਮ ਵੀ ਲਗਪਗ ਠੱਪ ਪਿਆ ਹੈ। ਕਨਵੈਨਸ਼ਨ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਝੋਨੇ ਦੀ ਲਵਾਈ 6000 ਰੁਪਏ ਪ੍ਰਤੀ ਏਕੜ ਅਤੇ ਆਮ ਦਿਹਾੜੀ 700 ਰੁਪਏ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋ 9 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਭਗਵਾਨ ਸਿੰਘ, ਹੈਪੀ ਸਿੰਘ ਸਿਰੀਏਵਾਲਾ, ਸਾਬਕਾ ਸਰਪੰਚ ਹਰਬੰਸ ਸਿੰਘ, ਸੁਖਮੰਦਰ ਸਿੰਘ ਹਾਜ਼ਰ ਸਨ।