ਜਸਵੰਤ ਜੱਸ
ਫ਼ਰੀਦਕੋਟ, 30 ਸਤੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਪਾਣੀਆਂ ਲਈ ਪੂਰੇ ਪੰਜਾਬ ’ਚ ਕੀਤੀਆਂ ਜਾ ਰਹੀਆਂ ਕਨਵੈਨਸ਼ਨਾਂ ਤਹਿਤ ਫਰੀਦਕੋਟ ਵਿੱਚ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪਾਣੀ ਦੇ ਤਿੰਨ ਸੋਮੇ, ਜ਼ਮੀਨ ਹੇਠਲਾ ਪਾਣੀ, ਦਰਿਆਈ-ਨਹਿਰੀ ਪਾਣੀ ਅਤੇ ਮੀਂਹ ਦਾ ਪਾਣੀ ਸਰਕਾਰਾਂ ਵੱਲੋਂ ਧਾਰਨ ਕੀਤੀਆਂ ਨੀਤੀਆਂ ਅਤੇ ਯੋਗ ਪ੍ਰਬੰਧ ਨਾ ਕਰਨ ਕਰਕੇ ਇਹ ਸੰਕਟ ਦਿਨੋ-ਦਿਨ ਗਹਿਰਾ ਹੋ ਰਿਹਾ। ਕੇਂਦਰ ਸਰਕਾਰ ਵੱਲੋਂ ਕੇਂਦਰੀਕਰਨ ਦੇ ਏਜੰਡੇ ਤਹਿਤ ਡੈਮ ਸਕਿਓਰਿਟੀ ਐਕਟ ਰਾਹੀਂ ਸੂਬਿਆਂ ਦੇ ਪਾਣੀ ਦੇ ਅਧਿਕਾਰ ਉੱਪਰ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਮਾਮਲੇ ਤੇ ਭਵਿੱਖ ਵਿੱਚ ਕੇਂਦਰ ਸਰਕਾਰ ਵਿਰੁੱਧ ਵੱਡੇ ਜਨਤਕ ਸੰਘਰਸ਼ ਨੂੰ ਲਾਮਬੰਦ ਕਰਨ ਦੀ ਅਪੀਲ ਕਰਦੇ ਹੋਏ ਇਸ ਐਕਟ ਨੂੰ ਰੱਦ ਕਰਨ ਦੀ ਮੰਗ ਕੀਤੀ। ਇੱਕਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਕਿੰਗਰਾ ਤੇ ਬਲਾਕ ਪ੍ਰਧਾਨ ਰਾਜਿੰਦਰ ਕਿੰਗਰਾ ਨੇ ਕਿਹਾ ਕਿ ਦਰਿਆਵਾਂ ਵਿਚਲੇ ਅਣਵਰਤੇ ਵਹਿ ਰਹੇ ਪਾਣੀ ਨੂੰ ਨਹਿਰੀ ਸਿਸਟਮ ਦਾ ਸੂਬੇ ਭਰ ’ਚ ਵਿਕਾਸ ਕਰ ਕੇ ਸੰਭਾਲਣ ਦੇ ਨਾਲ-ਨਾਲ ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਜ਼ਰੂਰਤ ਹੈ। ਨਹਿਰੀ ਪਾਣੀ ਸਾਰਾ ਸਾਲ ਉਪਲਬਧ ਕਰਵਾਏ ਜਾਣ ਦਾ ਪ੍ਰਬੰਧ ਉਸਾਰੇ ਜਾਣ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਠੋਸ ਨੀਤੀ ਬਣਾ ਕੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਮੰਗ ਕੀਤੀ। ਬਰਸਾਤੀ ਪਾਣੀ ਨੂੰ ਜ਼ਮੀਨ ਦੀ ਤੱਗੀ ਤੱਕ ਜੀਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਲਈ ਸਰਕਾਰ ਵੱਲੋਂ ਨੀਤੀ ਬਣਾਉਣ ਦੇ ਨਾਲ-ਨਾਲ ਨਹਿਰੀ ਮੋਘਿਆਂ ’ਤੇ ਰੀਚਾਰਜ ਪੁਆਇੰਟ ਅਤੇ ਨਹਿਰਾਂ ਅਤੇ ਕੱਸੀਆਂ ਦੇ ਤਲੇ ਕੱਚੇ ਰੱਖੇ ਜਾਣ ਦੀ ਮੰਗ ਨੂੰ ਵੀ ਕਿਸਾਨ ਆਗੂਆਂ ਨੇ ਜ਼ੋਰ-ਸ਼ੋਰ ਨਾਲ ਉਭਾਰਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿਵੀਆਂ ਨੇ ਕਿਹਾ ਕੇ ਦਰਿਆਵਾਂ ਵਿੱਚ ਇੰਡਸਟਰੀ ਵੱਲੋਂ ਪ੍ਰਦੂਸ਼ਿਤ ਪਾਣੀ ਸੁੱਟਣ ਦੇ ਮਾਮਲੇ ’ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਉੱਪਰ ਰੋਕ ਲਾਉਣ ਲਈ ਸਖ਼ਤ ਨੀਤੀ ਬਣਾ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।