ਮਹਿੰਦਰ ਸਿੰਘ ਰੱਤੀਆਂ
ਮੋਗਾ, 17 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਮਾਰੀ ਸਬੰਧੀ ਟੀਕਾਕਰਨ ਮੁਹਿੰਮ ਵਿੱਚ ਮਿਸਾਲ ਬਣੇ ਪਿੰਡ ਸਾਫੂਵਾਲਾ ਦੀ ਪੰਚਾਇਤ ਦੀ ਟਵੀਟ ਕਰ ਕੇ ਪ੍ਰਸ਼ੰਸਾ ਕੀਤੀ ਹੈ। ਆਪਣੇ ਨਿੱਜੀ ਟਵਿੱਟਰ ਹੈਂਡਲ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਾਫੂਵਾਲਾ ਦੇ ਲੋਕਾਂ ਨੇ ਕਰੋਨਾ ਤੋਂ ਬਚਣ ਲਈ ਵੱਧ ਤੋਂ ਵੱਧ ਟੀਕਾਕਰਨ ਕਰਵਾ ਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਆਪੋ ਆਪਣੇ ਪਿੰਡਾਂ ਵਿੱਚ 100 ਫ਼ੀਸਦੀ ਯੋਗ ਆਬਾਦੀ ਦਾ ਟੀਕਾਕਰਨ ਕਰਾਉਣ ਵਾਲੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਣ ਭੱਤਾ ਦਿੱਤਾ ਜਾਵੇਗਾ। ਸਿਵਲ ਹਸਪਤਾਲ ਡਰੋਲੀ ਭਾਈ ਦੇ ਐੱਸਐੱਮਓ ਡਾ. ਇੰਦਰਵੀਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਸਾਫੂਵਾਲਾ ਦੀ ਪੰਚਾਇਤ ਦੇ ਉੱਦਮ ਕਾਰਨ ਲਗਾਏ ਗਏ ਟੀਕਾਕਰਨ ਕੈਂਪ ਵਿੱਚ ਇੱਕੋ ਦਿਨ ਪਿੰਡ ਦੇ 45 ਸਾਲ ਤੋਂ ਵੱਧ ਉਮਰ ਦੇ 250 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ ਤੇ ਪੰਚਾਇਤ ਦੀ ਸ਼ਲਾਘਾ ਕਰਦਿਆਂ ਹੋਰਾਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਸੈਂਪਲ ਕਰਾਉਣ ਅਤੇ ਟੀਕਾਕਰਨ ਕਰਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।