ਪਰਮਜੀਤ ਸਿੰਘ
ਫਾਜ਼ਿਲਕਾ, 20 ਫਰਵਰੀ
ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਂਤ ਅਗਰਵਾਲ ਅਤੇ ਜਨਰਲ ਸਕੱਤਰ ਮਨਦੀਪ ਸਿੰਘ ਦੀ ਅਗਵਾਈ ’ਚ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ 4 ਫੀਸਦੀ ਕਟੌਤੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਸੀਪੀਐੱਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੈੱਸ ਸਕੱਤਰ ਹਰਮੀਤ ਸਿੰਘ ਨੇ ਦੱਸਿਆ ਕਿ ਅੱਜ ਯੂਨੀਅਨ ਦੇ ਸੂਬਾਈ ਸੱਦੇ ’ਤੇ ਪੰਜਾਬ ਸਰਕਾਰ ਦੇ ਚਾਰ ਫੀਸਦੀ ਕਟੌਤੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਦੱਸਿਆਂ ਕਿ ਐੱਨਪੀਐੱਸ ਅਧੀਨ ਆਉਂਦੇ ਮੁਲਾਜ਼ਮਾਂ ਨੇ ਇਸ ਐਕਸ਼ਨ ’ਚ ਵੱਡੀ ਗਿਣਤੀ ’ਚ ਅਪਣੀ ਹਾਜ਼ਰੀ ਦਰਜ ਕਰਵਾਈ ਅਤੇ ਉਨ੍ਹਾਂ ਵੱਲੋਂ ਇਸ ਮੁਲਾਜ਼ਮ ਮਾਰੂ ਨੋਟੀਫਿਕੇਸ਼ਨ ਨੂੰ ਸਾੜਿਆ ਗਿਆ। ਉਨ੍ਹਾਂ ਦੱਸਿਆਂ ਕਿ ਇਸ ਮੌਕੇ ਕੇਂਦਰ ਸਰਕਾਰ/ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਵਿੱਤ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ
ਸ਼ਹਿਣਾ: ਡੀਟੀਐੱਫ ਦੇ ਸੂਬਾ ਆਗੂ ਗੁਰਮੀਤ ਸਿੰਘ ਸੁਖਪੁਰ ਅਤੇ ਜ਼ਿਲ੍ਹਾ ਆਗੂ ਰਾਜੀਵ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਵਿੱਚ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਉਨ੍ਹਾਂ ਕਿਹਾ ਕਿ ਉਦਯੋਗਿਕ ਸਿਖਲਾਈ ਸੰਸਥਾ ਦੇ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਕਿਸੇ ਵੀ ਸ਼ਰਤ ’ਤੇ ਮਨਜ਼ੂਰ ਨਹੀ ਹੈ। ਪੰਜਾਬ ਸਰਕਾਰ ਵੱਲੋਂ ਲੱਖਾਂ ਐੱਨਪੀਐੱਸ ਮੁਲਾਜ਼ਮਾਂ ’ਤੇ ਇੱਕ ਪਾਸੜ ਫੈਸਲੇ ਨਾਲ ਪੈਨਸ਼ਨ ਫੰਡ ’ਚ ਸਰਕਾਰੀ ਹਿੱਸੇਦਾਰੀ ਦੀ ਕੁੱਲ ਰਾਸ਼ੀ ਨੂੰ ਟੈਕਸ ਮੁਕਤ ਬਣਾ ਕੇ ਬੇਲੋੜਾਂ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। -ਪੱਤਰ ਪ੍ਰੇਰਕ