ਪੱਤਰ ਪ੍ਰੇਰਕ
ਫਾਜ਼ਿਲਕਾ, 6 ਦਸੰਬਰ
ਜ਼ਿਲ੍ਹੇ ਦੇ ਸਰਹੱਦੀ ਪਿੰਡ ਗੱਟੀ ਨੰਬਰ. 1 ਵਿਖੇ ਫਾਜ਼ਿਲਕਾ ਦੇ ਐੱਸਐੱਸਪੀ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਅਰਥੀ ਫੂਕ ਮੁਜ਼ਾਹਰੇ ਦੀ ਅਗਵਾਈ ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਸਮਿਤੀ ਮੈਂਬਰ ਤੇ ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਸਕੱਤਰ ਸੁਬੇਗ ਸਿੰਘ ਝੰਗੜ ਭੈਣੀ ਅਤੇ ਆਲ ਇੰਡੀਆ ਕਿਸਾਨ ਸਭਾ ਬਲਾਕ ਫਾਜ਼ਿਲਕਾ ਪ੍ਰਧਾਨ ਹੁਸ਼ਿਆਰ ਸਿੰਘ ਨਵਾਂ ਸਲੇਮਸ਼ਾਹ ਨੇ ਕੀਤੀ। ਆਗੂਆਂ ਨੇ ਕਿਹਾ ਕਿ ਆਮ ਲੋਕਾਂ ਨੂੰ ਪੰਜਾਬ ਪੁਲੀਸ ਵੱਲੋਂ ਇਨਸਾਫ਼ ਨਹੀਂ ਦਿੱਤਾ ਜਾ ਰਿਹਾ, ਸਗੋਂ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ। ਕਾਮਰੇਡ ਆਗੂਆਂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਪੁਲੀਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਬੱਖੂਸਾਹ ਦੇ ਸਰਪੰਚ ਵੱਲੋਂ ਰਾਜਨੀਤਕ ਲੋਕਾਂ ਦੀ ਸ਼ਹਿ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਮਾਰੀਆਂ ਗਈਆਂ ਸਨ। ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਪੰਜਾਬ ਦੇ ਡੀਜੀਪੀ ਤੋਂ ਮੰਗ ਕਰਦਿਆਂ ਕਿਹਾ ਜ਼ਿਲ੍ਹਾ ਪੁਲੀਸ ਮੁਖੀ ’ਤੇ ਕਾਰਵਾਈ ਕਰਦਿਆਂ ਉਸ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ, ਗਰਚਰਨ ਸਿੰਘ, ਮਹਿੰਦਰ ਸਿੰਘ, ਰਾਜ ਸਿੰਘ, ਸਰਜੀਤ ਸਿੰਘ ਅਤੇ ਭਜਨ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਲੋਕ ਹਾਜ਼ਰ ਸਨ।