CPI Holds District Convention: ਕੇਂਦਰ ਵੱਲੋਂ ਸੰਘੀ ਢਾਂਚਾ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ: ਅਰਸ਼ੀ
ਸੀ ਪੀ ਆਈ ਵੱਲੋਂ ਫ਼ਰੀਦਕੋਟ ’ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ
ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਵੱਲੋਂ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿੱਚ ਪਾਰਟੀ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਵਾਈ ਗਈ। ਇਸ ਮੌਕੇ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਈ ਡੀ, ਸੀ ਬੀ ਆਈ ਅਤੇ ਹੋਰ ਜਾਂਚ ਏਜੰਸੀਆਂ ਤੇ ਭਾਰਤੀ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਕੇ ਜਿਸ ਤਰ੍ਹਾਂ ਦੇਸ਼ ਦੇ ਸੰਵਿਧਾਨ ਨਾਲ ਖਿਲਵਾੜ ਕਰ ਕੇ ਤਾਨਾਸ਼ਾਹੀ ਰਾਜ ਸਥਾਪਤ ਕੀਤਾ ਜਾ ਰਿਹਾ ਹੈ, ਇਹ ਸਾਰੇ ਦੇਸ਼ ਵਾਸੀਆਂ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸੰਘੀ ਢਾਂਚੇ ਨੂੰ ਖਤਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਦੇਸ਼ ਦੇ ਕਿਰਤੀ ਵਰਗ ਵੱਲੋਂ ਆਪਣੇ ਸੰਘਰਸ਼ਾਂ ਰਾਹੀਂ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਖਤਮ ਕੀਤਾ ਜਾ ਰਿਹਾ ਹੈ। ਇਸ ਕਨਵੈਨਸ਼ਨ ਨੂੰ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਵੀਰ ਸਿੰਘ ਕੰਮੇਆਣਾ, ਗੋਰਾ ਸਿੰਘ ਪਿਪਲੀ, ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ, ਕੁਲਵੰਤ ਸਿੰਘ ਚਾਨੀ, ਗੁਰਚਰਨ ਸਿੰਘ ਮਾਨ ਅਤੇ ਲਵਪ੍ਰੀਤ ਕੌਰ ਪਿਪਲੀ ਨੇ ਸੰਬੋਧਨ ਕੀਤਾ। ਕਨਵੈਨਸ਼ਨ ’ਚ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮਜ਼ਦੂਰਾਂ ਦੀ ਘੱਟ ਤੋਂ ਘੱਟ ਉਜਰਤ ਵਿੱਚ ਵਾਧਾ ਕਰਦਿਆਂ ਤੀਹ ਹਜ਼ਾਰ ਰੁਪਏ ਮਹੀਨਾ ਉਜਰਤ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰੀ ਪੈਟਰਨ ਤੇ ਮਹਿੰਗਾਈ ਭੱਤਾ 60 ਫੀਸਦੀ ਕੀਤਾ ਜਾਵੇ ਅਤੇ ਪੁਰਾਣੀ ਮਨਰੇਗਾ ਸਕੀਮ ਬਹਾਲ ਕੀਤੀ ਜਾਵੇ।

