ਸੀਪੀਆਈ ਦੇ ਜਥੇ ਦਾ ਪਿੰਡ ਖਾਰਾ ’ਚ ਸਵਾਗਤ
ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਕੌਮੀ ਮਹਾ ਸੰਮੇਲਨ ਸਬੰਧੀ ਲਾਮਬੰਦ ਕਰਨ ਲਈ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਯਾਦਗਵਾਰ ਹੁਸੈਨੀਵਾਲਾ ਤੋਂ ਮਾਰਚ ਸ਼ੁਰੂ ਕੀਤਾ ਗਿਆ ਹੈ। ਇਸ ਮਾਰਚ ਦਾ ਮੁਕਤਸਰ ਸਾਹਿਬ ਤੋਂ ਫਰੀਦਕੋਟ ਜ਼ਿਲ੍ਹੇ ’ਚ ਸ਼ਾਮਲ ਹੋਣ ’ਤੇ ਪਿੰਡ ਖਾਰਾ ਵਿਚ ਪਾਰਟੀ ਦੇ ਵਰਕਰਾਂ ਨੇ ਲਾਲ ਝੰਡਿਆਂ ਅਤੇ ਨਾਅਰਿਆਂ ਨਾਲ ਸਵਾਗਤ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਬਰਤਾਨਵੀ ਸਾਮਰਾਜ ਖ਼ਿਲਾਫ਼ ਅਤੇ ਸਮੇਂ ਦੀਆਂ ਸਰਕਾਰਾਂ ਵੱਲੋਂ ਬਣਾਈਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਪਾਰਟੀ ਦੇ ਸੰਘਰਸ਼ਾਂ ਦਾ ਸ਼ਾਨਾਮੱਤਾ ਇਤਿਹਾਸ ਹੈ, ਜਿਸ `ਤੇ ਹਰੇਕ ਕਮਿਊਨਿਸਟ ਨੂੰ ਮਾਣ ਹੈ। ਉਨ੍ਹਾਂ ਭਰੋਸਾ ਦਿੱਤਾ ਕਿ 21 ਸਤੰਬਰ ਦੀ ਕੌਮੀ ਕਾਨਰਫੰਸ ਵਿੱਚ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਰਕਰ ਸ਼ਾਮਲ ਹੋਣਗੇ। ਇਸ ਸਮੇਂ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ, ਆਸ਼ਾ ਵਰਕਰਾਂ ਦੀ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸੁਖਜਿੰਦਰ ਸਿੰਘ ਤੂੰਬੜਭੰਨ ਅਤੇ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਆਦਿ ਹਾਜ਼ਰ ਸਨ।