ਫ਼ਸਲੀ ਮੁਆਵਜ਼ਾ: ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੱਕ ਪਹੁੰਚ : The Tribune India

ਫ਼ਸਲੀ ਮੁਆਵਜ਼ਾ: ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੱਕ ਪਹੁੰਚ

ਫ਼ਸਲਾਂ ਸਣੇ ਸਬਜ਼ੀਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ ਕਰਨ ਦੀ ਮੰਗ

ਫ਼ਸਲੀ ਮੁਆਵਜ਼ਾ: ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੱਕ ਪਹੁੰਚ

ਡੀਸੀ ਬਰਨਾਲਾ ਪੂਨਮਦੀਪ ਕੌਰ ਨੂੰ ਮੰਗ ਪੱਤਰ ਸੌਂਪਦੇ ਹੋਏ ਬੀਕੇਯੂ ਉਗਰਾਹਾਂ ਦੇ ਆਗੂ।

ਸ਼ਗਨ ਕਟਾਰੀਆ

ਬਠਿੰਡਾ, 27 ਮਾਰਚ

ਪਿਛਲੇ ਦਿਨੀਂ ਪਈ ਮੀਂਹ ਅਤੇ ਤੇਜ਼ ਹਨੇਰੀ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤਕ ਪਹੁੰਚ ਕੀਤੀ ਹੈ। 

ਕਿਸਾਨ ਆਗੂਆਂ ਨੇ ਦੱਸਿਆ ਕਿ ਮੌਸਮੀ ਕਹਿਰ ਕਾਰਨ ਫ਼ਸਲਾਂ, ਸਬਜ਼ੀਆਂ, ਬਾਗਾਂ ਸਣੇ ਘਰਾਂ ਤਕ ਦਾ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਭਰ ਗਿਆ ਹੈ ਜਿਸ ਨਾਲ ਡਿੱਗੀ ਹੋਈ ਕਣਕ ਗਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਗੜਿਆਂ ਕਾਰਨ ਸਰ੍ਹੋਂ ਦਾ ਵੀ ਨੁਕਸਾਨ ਹੋਇਆ ਹੈ। ਕਣਕ ਦੇ ਦਾਣੇ ਬਦਰੰਗ ਹੋਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਣਾ ਹੈ।

ਉਨ੍ਹਾਂ ਮੰਗ ਕੀਤੀ ਕਿ ਫ਼ਸਲਾਂ ਤੇ ਹੋਰ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਮੁਆਵਜ਼ਾ ਦਿੱਤਾ ਜਾਵੇ। ਖੇਤ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜੇ ਦਾ 20 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਫ਼ਸਲੀ ਨੁਕਸਾਨ ਦੇ ਪੂਰੇ ਮੁਆਵਜ਼ੇ ਲਈ ਸਰਕਾਰੀ ਬੀਮਾ ਯੋਜਨਾ ਨੀਤੀ ਬਣਾਈ ਜਾਵੇ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ’ਚ ਕਿਸਾਨਾਂ ਦੇ ਵਫ਼ਦ ਵੱਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਮੁਆਵਜ਼ੇ ਦੀ ਅਦਾਇਗੀ ਫੌਰੀ ਕਰਨ ਦੀ ਮੰਗ ਕੀਤੀ ਗਈ। 

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਪ੍ਰਸ਼ਾਸਨ ਨੂੰ ਮਿਲੇ ਵਫ਼ਦ ’ਚ ਬਸੰਤ ਸਿੰਘ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ, ਜਸਵੀਰ ਸਿੰਘ ਬੁਰਜ ਸੇਮਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਅਜੈਪਾਲ ਘੁੱਦਾ, ਹੁਸ਼ਿਆਰ ਸਿੰਘ ਚੱਕ ਫਤਹਿ ਸਿੰਘ ਵਾਲਾ,  ਰਾਜਵਿੰਦਰ ਸਿੰਘ ਰਾਜੂ ਰਾਮਨਗਰ, ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਹਰਪ੍ਰੀਤ ਸਿੰਘ ਚੱਠੇਵਾਲਾ  ਆਦਿ ਆਗੂ ਸ਼ਾਮਲ ਸਨ।

ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਵਫ਼ਦ ’ਚ ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਮਹਿਮਾ ਸਿੰਘ ਚੱਠੇਵਾਲ, ਬਲਵਿੰਦਰ ਸਿੰਘ ਜੋਧਪੁਰ, ਅੰਗਰੇਜ਼ ਸਿੰਘ ਕਲਿਆਣ ਆਦਿ ਸ਼ਾਮਿਲ ਸਨ।

ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਸਮੂਹ ਜ਼ਿਲ੍ਹਾ ਹੈਡਕੁਆਰਟਰਾਂ ਉੱਪਰ ਪੰਜਾਬ ਸਰਕਾਰ ਦੇ ਨਾਂ ਡੀਸੀ ਦਫ਼ਤਰਾਂ ਨੂੰ ਮੰਗ ਪੱਤਰ ਦਿੱਤੇ ਗਏ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਅੱਜ ਇੱਥੇ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਤੋਂ ਪਿੱਛੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਸਲਾਂ ’ਤੇ ਮੌਸਮੀ ਮਾਰਾਂ ਅਤੇ ਸਰਕਾਰਾਂ ਦੀ ਕਿਰਤੀ ਵਰਗ ਪ੍ਰਤੀ ਵਰਤੀ ਬੇਰੁਖ਼ੀ ਕਾਰਨ ਲੋਕਾਂ ਦਾ ਲੱਕ ਟੁੱਟ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਅਤੇ ਸੋਚਾਂ ਦੀ ਸੰਜੀਦਗੀ ਦਾ ਅੰਦਾਜ਼ਾ ਕੇਂਦਰੀ ਖੇਤੀਬਾੜੀ ਮੰਤਰੀ ਦੇ ਬੀਤੇ ਦਿਨਾਂ ਵਿੱਚ ਦਿੱਤੇ ਬਿਆਨ ਤੋਂ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਫ਼ਸਲਾਂ ਦਾ ਮਸਲਾ ਨਹੀਂ, ਸਗੋਂ ਇਸ ਖ਼ਰਾਬੇ ਨਾਲ ਕਿਰਤੀ ਵਰਗ ਦੀ ਮਿਹਤਨ ’ਤੇ ਵੀ ਪਾਣੀ ਫਿਰਿਆ ਹੈ।

ਸ਼ਹਿਣਾ (ਪੱਤਰ ਪ੍ਰੇਰਕ): ਬਲਾਕ ਸ਼ਹਿਣਾ ਦੇ ਪਿੰਡਾਂ ਵਿੱਚ ਬੀਤੇ ਦਿਨੀਂ ਪਏ ਮੀਂਹ, ਗੜੇਮਾਰੀ ਅਤੇ ਤੇਜ਼ ਹਵਾ ਨੇ ਜਿੱਥੇ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸਲ ਖ਼ਰਾਬ ਕਰ ਦਿੱਤੀ, ਉੱਥੇ ਹੀ ਸਬਜ਼ੀਆਂ ਅਤੇ ਪਸ਼ੂਆਂ ਦਾ ਹਰਾ ਚਾਰਾ ਤਬਾਹ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਅਤੇ ਬਲਾਕ ਸ਼ਹਿਣਾ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਗਿਰਦਾਵਰੀ ਕਰ ਕੇ ਪੰਜਾਹ ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। 

ਉਗਰਾਹਾਂ ਧੜੇ ਵੱਲੋਂ 3 ਅਪਰੈਲ ਤੋਂ ਡੀਸੀ ਦਫ਼ਤਰ ਅੱਗੇ ਮੋਰਚੇ ਦਾ ਐਲਾਨ

ਬਰਨਾਲਾ (ਪਰਸ਼ੋਤਮ ਬੱਲੀ): ਫ਼ਸਲਾਂ ਦੇ ਢੁਕਵੇਂ ਮੁਆਵਜ਼ੇ ਦੀ ਮੰਗ ਲਈ ਅੱਜ ਬੀਕੇਯੂ ਡਕੌਂਦਾ ਤੇ ਬੀਕੇਯੂ ਉਗਰਾਹਾਂ ਦੇ ਵਫ਼ਦਾਂ ਵੱਲੋਂ ਡੀਸੀ ਬਰਨਾਲਾ ਰਾਹੀਂ ਸੂਬਾ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ। ਡਕੌਂਦਾ (ਧਨੇਰ) ਧੜੇ ਦੇ ਜ਼ਿਲ੍ਹਾ ਆਗੂ ਕੁਲਵੰਤ ਸਿੰਘ ਭਦੌੜ ਦੀ ਅਗਵਾਈ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਡੀਸੀ ਬਰਨਾਲਾ ਨੂੰ ਸੌਂਪਿਆ ਗਿਆ। ਵਫ਼ਦ ’ਚ ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭਾਗ ਸਿੰਘ ਕੁਰੜ ਅਤੇ ਸੁਖਦੇਵ ਸਿੰਘ ਕੁਰੜ ਤੇ ਬੱਗਾ ਸਿੰਘ ਰਾਏਸਰ ‌ਆਦਿ ਆਗੂ ਸ਼ਾਮਲ ਸਨ। ਇਸੇ ਤਰ੍ਹਾਂ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੈਦੋਵਾਲ ਤੇ ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ ਦੀ ਆਗਵਾਈ ਹੇਠ ਮੁਆਵਜ਼ੇ ਦੀ ਮੰਗ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਡੀਸੀ ਪੂਨਮਦੀਪ ਕੌਰ ਨੂੰ ਦਿੱਤਾ ਗਿਆ। ਆਗੂਆਂ ਲੋਕਾਂ ਨੂੰ ਸੱਦਾ ਵੀ ਦਿੱਤਾ ਕਿ ਕਿਸਾਨਾਂ ਮਜ਼ਦੂਰਾਂ ਬਣਦੀਆਂ ਮੰਗਾਂ ਲਈ 3 ਤੋਂ 7 ਅਪਰੈਲ ਤੱਕ ਡੀਸੀ ਬਰਨਾਲਾ ਦੇ ਦਫ਼ਤਰ ਅੱਗੇ ਦਿਨ ਰਾਤ ਦਾ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਨਿਰਪਜੀਤ ਸਿੰਘ ਬਡਬਰ, ਸੁਖਦੇਵ ਸਿੰਘ ਭੋਤਨਾ, ਦਰਸ਼ਨ ਸਿੰਘ, ਕਮਲਜੀਤ ਕੌਰ ਬਰਨਾਲਾ, ਅਮਰਜੀਤ ਕੌਰ ਬਡਬਰ ਆਦਿ ਆਗੂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All