ਬਰਨਾਲਾ ’ਚ ਨਸ਼ਾ ਪੀੜਤ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦੀ ਸਿਖਲਾਈ
ਨਸ਼ਾ ਪੀੜਤ ਨੌਜਵਾਨਾਂ ਦਾ ਇਲਾਜ ਕਰ ਕੇ ਉਨ੍ਹਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਡਿਪਟੀ ਕਮਿਸ਼ਨਰ ਟੀ. ਬੈਨਿਥ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਵੀ ਬਣਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਤਹਿਤ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਚ ਦਾਖ਼ਲ 27 ਦੇ ਕਰੀਬ ਨੌਜਵਾਨਾਂ ਦਾ ਡੇਅਰੀ ਕਿੱਤੇ ਸਬੰਧੀ 5 ਦਿਨਾਂ ਦਾ ਟਰੇਨਿੰਗ ਕੈਂਪ ਲਾਇਆ ਗਿਆ ਜਿਸ ਦੇ ਸਰਟੀਫੀਕੇਟ ਅੱਜ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੰਡੇ ਗਏ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਵਾਲਿਆਂ ਨੂੰ ਰੁਜ਼ਗਾਰ/ਸਵੈ-ਰੁਜ਼ਗਾਰ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤਾਂ ਜੋ ਇਹ ਵਿਅਕਤੀ ਰੁੱਝੇ ਵੀ ਰਹਿਣ ਅਤੇ ਚੰਗੀ ਆਮਦਨ ਵੀ ਹੋ ਸਕੇ, ਜਿਸ ਨਾਲ ਇਹ ਆਪਣੇ ਪਰਿਵਾਰ ਦਾ ਸਹਾਰਾ ਬਣਨ ਅਤੇ ਨਸ਼ਿਆਂ ਤੋਂ ਦੂਰ ਰਹਿਣ।
ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਜ਼ਿਲ੍ਹਾ ਰੁਜ਼ਗਾਰ ਦਫ਼ਤਰ, ਖੇਤੀਬਾੜੀ ਵਿਭਾਗ, ਡੇਅਰੀ ਵਿਕਾਸ ਵਿਭਾਗ, ਪਸ਼ੂ ਪਾਲਣ ਵਿਭਾਗ, ਲੀਡ ਬੈਂਕ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡੇਅਰੀ ਕਿੱਤੇ ਦੀ ਮਹੱਤਤਾ, ਡੇਅਰੀ ਫਾਰਮਿੰਗ ਦੇ ਗੁਰ, ਪਸ਼ੂਆਂ ਦੀ ਸੰਭਾਲ, ਦੁਧਾਰੂ ਪਸ਼ੂਆਂ ਦੀ ਚੋਣ, ਬੈਂਕਾਂ ਵੱਲੋਂ ਲੋਨ, ਸਵੈ ਰੁਜ਼ਗਾਰ ਨੂੰ ਸਫ਼ਲ ਬਣਾਉਣ ਆਦਿ ਬਾਰੇ ਜਾਣਕਾਰੀ ਵਿਸਥਾਰ ਵਿਚ ਦਿੱਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੁੜ ਵਸੇਬਾ ਕੇਂਦਰ ਵਿੱਚ ਮਰੀਜ਼ਾਂ ਲਈ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾ. ਬਲਜੀਤ ਸਿੰਘ, ਡੀਐੱਮਸੀ ਗੁਰਮਿੰਦਰ ਔਜਲਾ, ਐਕਸੀਅਨ ਲੋਕ ਨਿਰਮਾਣ ਵਿਭਾਗ ਦਵਿੰਦਰਪਾਲ ਸਿੰਘ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨਵਜੋਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।