ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਫਰਵਰੀ
ਕਰੀਬ ਇੱਕ ਹਫ਼ਤਾ ਪਹਿਲਾਂ ਪਿੰਡ ਗੁੱਜਰਾਂ ਵਿੱਚ ਦਲਿਤ ਵਰਗ ਨਾਲ ਸਬੰਧਤ ਦੋ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਵਾਪਰੀ ਘਟਨਾ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ ਹੋ ਗਈ ਸੀ ਜਦੋਂ ਕਿ ਦੂਜਾ ਰਾਜਿੰਦਰਾ ਹਸਪਤਾਲ ਪਟਿਆਲਾ ‘ਚ ਜ਼ੇਰੇ ਇਲਾਜ ਹੈ। ਭਾਵੇਂ ਕਿ ਪੁਲੀਸ ਵਲੋਂ ਕੇਸ ਦਰਜ ਕਰ ਕੇ ਕੇਸ ਵਿਚ ਲੋੜੀਂਦੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਜਨਤਕ ਜਮਹੂਰੀ ਜਥੇਬੰਦੀਆਂ ਦੋਵੇਂ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਸਮੇਤ ਕਈ ਮੰਗਾਂ ਲਈ ਸੰਘਰਸ਼ ਦੇ ਰਾਹ ‘ਤੇ ਹਨ। ਅੱਜ ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਨੂੰ ਮਿਲਿਆ।
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਬੇਸ਼ੱਕ ਬਣਦੀਆਂ ਧਰਾਵਾਂ ਤਹਿਤ ਪੁਲੀਸ ਵਲੋਂ ਕੇਸ ਦਰਜ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਦੋਵੇਂ ਪੀੜਤ ਪਰਿਵਾਰਾਂ ਨੂੰ ਐੱਸ.ਸੀ/ਐੱਸ.ਟੀ. ਐਕਟ ਤਹਿਤ ਮਿਲਣ ਵਾਲੀ ਸਹਾਇਤਾ ਦੀ ਪਹਿਲੀ ਕਿਸ਼ਤ ਜਾਰੀ ਕਰਾਉਣ, ਇਲਾਜ ਅਧੀਨ ਦਮਨਜੀਤ ਸਿੰਘ ਦਾ ਇਲਾਜ ਸਰਕਾਰੀ ਖਰਚੇ ‘ਤੇ ਕਰਾਉਣ, ਦੋਵੇਂ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਮੁਆਵਜ਼ਾ ਦਿਵਾਉਣ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣ, ਮ੍ਰਿਤਕ ਬੂਟਾ ਸਿੰਘ ਦੀ ਭੈਣ ਅਤੇ ਰਾਮਕਰਨ ਦੇ ਬਿਆਨ ਦਰਜ ਕਰਵਾਉਣ ਅਤੇ ਪਿੰਡ ਮੌੜਾਂ ਦੇ ਸਰਪੰਚ ਨੂੰ ਬਰਖਾਸਤ ਕਰਵਾਉਣ ਦੀ ਮੰਗ ਪੂਰੀ ਨਹੀਂ ਹੋਈ। ਇਨ੍ਹਾਂ ਮੰਗਾਂ ਸਬੰਧੀ ਜਨਤਕ ਜਮਹੂਰੀ ਜਥੇਬੰਦੀਆਂ ਦੇ ਵਫ਼ਦ ਅੱਜ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਵਫ਼ਦ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿੰਦੇ ਹੋਏ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਲਈ ਲਿਖ ਕੇ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ, ਦਮਨਜੀਤ ਦੇ ਇਲਾਜ ਲਈ ਡਿਪਟੀ ਕਮਿਸ਼ਨਰ ਪਟਿਆਲਾ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।