ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਾਨ ਸਿੰਘ ਵਾਲਾ ਕਾਂਡ: ਐਕਸ਼ਨ ਕਮੇਟੀ ਵੱਲੋਂ ਡੀਸੀ ਦਫ਼ਤਰ ਅੱਗੇ ਧਰਨੇ ਦਾ ਐਲਾਨ

ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਮੀਟਿੰਗ ’ਚ ਲਿਆ ਫ਼ੈਸਲਾ; ਪ੍ਰਸ਼ਾਸਨ ’ਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਇਆ
ਟੀਚਰਜ਼ ਹੋਮ ਵਿੱਚ ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਆਗੂ।
Advertisement

ਨਿੱਜੀ ਪੱਤਰ ਪ੍ਰੇਰਕ

ਬਠਿੰਡਾ, 20 ਜਨਵਰੀ

Advertisement

ਦਾਨ ਸਿੰਘ ਵਾਲਾ ਅੱਗਜ਼ਨੀ ਕਾਂਡ ਦੇ ਸਬੰਧ ’ਚ ਬਣੀ ਜਬਰ ਵਿਰੋਧੀ ਐਕਸ਼ਨ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਇੱਕ ਹਫ਼ਤੇ ਮਗਰੋਂ 28 ਜਨਵਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਮਾ. ਸੇਵਕ ਸਿੰਘ ਮਹਿਮਾ ਸਰਜਾ ਨੇ ਦੱਸਿਆ ਕਿ ਇਹ ਨਿਰਣਾ ਅੱਜ ਇੱਥੇ ਟੀਚਰਜ਼ ਹੋਮ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਘਟਨਾ ਨੂੰ ਸਿਰਫ ਦੋ ਗੁੱਟਾਂ ਦੀ ਆਪਸੀ ਲੜਾਈ ਦੱਸ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਇਹ ਵਾਰਦਾਤ ਚਿੱਟਾ ਵੇਚਣ ਵਾਲੇ ਗੈਂਗ ਨੂੰ ਮਜ਼ਦੂਰਾਂ ਵੱਲੋਂ ਨਸ਼ਾ ਵੇਚਣ ਤੋਂ ਰੋਕਣ ਕਾਰਨ ਵਾਪਰੀ ਹੈ। ਇਸ ਦੌਰਾਨ ਮਤਾ ਪਾਸ ਕਰਕੇ ਪ੍ਰਸ਼ਾਸਨ ਵੱਲੋਂ ਪੀੜਤ ਮਜ਼ਦੂਰਾਂ ਨੂੰ 50-50 ਹਜ਼ਾਰ ਰੁਪਏ ਦੇਣ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੰਢ ਦੇ ਮੌਸਮ ਦੇ ਮੱਦੇਨਜ਼ਰ ਪੀੜਤਾਂ ਲਈ ਟੈਂਟਾਂ ਦਾ ਪ੍ਰਬੰਧ ਕੀਤਾ ਜਾਵੇ। ਘਟਨਾ ਦੀ ਨਿਆਂਇਕ ਜਾਂਚ ਕਰਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੇਣ ਸਮੇਤ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਵਾਉਣ ਦੀ ਵੀ ਮੰਗ ਕੀਤੀ ਗਈ।

ਇਸ ਮੌਕੇ ਖੇਤ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ ਗੁਰੂਸਰ, ਮਜ਼ਦੂਰ ਮੁਕਤੀ ਮੋਰਚਾ ਆਇਰਲਾ ਦੇ ਆਗੂ ਅਮੀ ਲਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਆਗੂ ਸੁਖਜੀਵਨ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਿੱਕਰ ਸਿੰਘ ਦਾਨ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ ਬਰਾੜ ਅਤੇ ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ ਆਦਿ ਮੌਜੂਦ ਸਨ।

‘ਆਪ’ ਆਗੂ ਵੱਲੋਂ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕਰਨ ਦੀ ਮੰਗ

ਦਾਨ ਸਿੰਘ ਵਾਲਾ ਅਗਜ਼ਨੀ ਕਾਂਡ ਸਬੰਧੀ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਅਤੇ ਕੋਆਪਰੇਟਿਵ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਤਿ ਨਿੰਦਣਯੋਗ ਤੇ ਘਿਨਾਉਣੀ ਘਟਨਾ ਹੈ। ਉਨ੍ਹਾਂ ਕਿਹਾ ਸਮੇਂ ਸਿਰ ਕਾਨੂੰਨ ਹਰਕਤ ’ਚ ਆਉਂਦਾ ਤਾਂ ਘਟਨਾ ਰੋਕੀ ਜਾ ਸਕਦੀ ਸੀ। ਕੋਟਫੱਤਾ ਨੇ ਡੀਆਈਜੀ ਬਠਿੰਡਾ ਜ਼ੋਨ ਅਤੇ ਐੱਸਐੱਸਪੀ ਬਠਿੰਡਾ ਤੋਂ ਮੰਗ ਕੀਤੀ ਕਿ ਥਾਣਾ ਨੇਹੀਆਂ ਵਾਲਾ ਦੇ ਐੱਸਐੱਚਓ ਨੂੰ ਫੌਰੀ ਲਾਈਨ ਹਾਜ਼ਰ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Advertisement