ਜੋਗਿੰਦਰ ਸਿੰਘ ਮਾਨ
ਮਾਨਸਾ, 31 ਅਗਸਤ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕਾਲਜ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਗਿਆ। ਜਥੇਬੰਦੀ ਵੱਲੋਂ ਇਹ ਧਰਨਾ ਪ੍ਰਦਰਸ਼ਨ ਐੱਸਸੀ ਵਿਦਿਆਰਥੀਆਂ ਤੋਂ ਵਸੂਲੇ ਜਾ ਰਹੇ ਜ਼ਬਰਦਸਤੀ ਪੀਟੀਏ ਫੰਡ ਖ਼ਿਲਾਫ਼ ਦਿੱਤਾ ਗਿਆ। ਜਥੇਬੰਦੀ ਵੱਲੋਂ ਮੰਗਾਂ ਦੀ ਪੂਰਤੀ ਨਾ ਹੋਣ ਤੱਕ ਅਣਮਿਥੇ ਸਮੇਂ ਲਈ ਦਿਨ-ਰਾਤ ਦਾ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਅਤੇ ਚੰਡੀਗੜ੍ਹ ਆਇਸਾ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਵਿਜੈ ਕੁਮਾਰ ਨੇ ਵਿਦਿਆਰਥੀਆਂ ਨੂੰ 21 ਅਗਸਤ ਨੂੰ ਕਾਲਜ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ਵਾਸ ਦਵਾਇਆ ਸੀ ਕਿ 27 ਅਗਸਤ ਤੱਕ ਵਿਦਿਆਰਥੀਆਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਹੁਣ ਕਾਲਜ ਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਵਾਅਦੇ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ 17 ਅਗਸਤ ਤੋਂ ਕਾਲਜ ਅੰਦਰ ਆਪਣੇ ਦਾਖ਼ਲੇ ਲਈ ਜ਼ਲੀਲ ਹੋ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਜ਼ਲੀਲ ਕਰ ਰਹੇ ਕਾਲਜ ਪ੍ਰਸ਼ਾਸਨ ਉਪਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਵਿਦਿਆਰਥੀਆਂ ਦਾ ਪੀਟੀਏ ਫੰਡ ਮੁਆਫ਼ ਕਰਕੇ ਦਾਖ਼ਲਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 1 ਸਤੰਬਰ ਨੂੰ ਆਇਸਾ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲੇਗਾ। ਉਨ੍ਹਾਂ ਮੰਗਾਂ ਨਾ ਮੰਨੇ ਜਾਣ ’ਤੇ ਮੁਕੰਮਲ ਭੁੱਖ ਹੜਤਾਲ ਦੀ ਚਿਤਾਵਨੀ ਦਿੱਤੀ।