ਡੀ ਸੀ ਅਤੇ ਐੱਸ ਐੱਸ ਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਜ਼ਿਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਲਈ ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿੰਡ ਭੈਣੀ ਬਾਘਾ ਵਿੱਚ ਕਿਸਾਨ ਸਿਖਲਾਈ ਕੈਂਪ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਹੌਟ ਸਪੌਟ ਪਿੰਡਾਂ ਵਿਚ ਇਸ ਤਰ੍ਹਾਂ ਦੇ ਕੈਂਪ ਲਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਮਾਨਸਾ ਦੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸੰਭਾਲ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਤੀਬਾੜੀ ਵਿਭਾਗ ਦੁਆਰਾ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਈ ਗਈ ਹੈ ਅਤੇ ਪਿੰਡਾਂ ਵਿੱਚ ਕਿਸਾਨ ਵਾਰ ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਉਨ੍ਹਾਂ ਕੈਂਪ ਦੌਰਾਨ ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਆਦਿ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਪਰਾਲੀ ਦੇ ਦਿਨਾਂ ਵਿੱਚ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨਗੇ।
ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੀਆਂ 5 ਪਰਾਲੀ ਪ੍ਰੋਟੈਕਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਤਾਂ ਜੋ ਕਿਤੇ ਵੀ ਕੋਈ ਦੁਰਘਟਨਾ ਨਾ ਵਾਪਰੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ, ਡਾ. ਗੁਰਲੀਨ ਕੌਰ, ਡਾ. ਚਮਨਦੀਪ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਹਰਮਨਦੀਪ ਸਿੰਘ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਤੇ ਹੋਰ ਗੂ ਹਾਜ਼ਰ ਸਨ।