ਡੀਸੀ ਤੇ ਐੱਸਐੱਸਪੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ
ਪੱਤਰ ਪ੍ਰੇਰਕ
ਬਠਿੰਡਾ, 26 ਫਰਵਰੀ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਬਠਿੰਡਾ ’ਚ ਨਸ਼ਾ ਛਡਾਊ ਕੇਂਦਰ ਦਾ ਦੌਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਰਕਾਰੀ ਨਸ਼ਾ ਛੁਡਊ ਕੇਂਦਰ ’ਚ 50 ਬੈੱਡਾਂ ਦੀ ਕਪੈਸਿਟੀ ਹੈ, ਜਿਸ ਨੂੰ 80 ਬੈੱਡਾਂ ਤੱਕ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸੈਂਟਰਾਂ ਵਿੱਚ ਮੈਡੀਕਲ ਟੀਮਾਂ ਤੇ ਕੌਂਸਲਰਾਂ ਤੋਂ ਇਲਾਵਾ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਇੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਡੀਸੀ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ’ਚ ਪੈ ਰਹੇ ਨੌਜਵਾਨਾਂ ਬਾਰੇ ਪ੍ਰਸ਼ਾਸਨ ਨੂੰ ਸੂਚਨਾ ਦੇਣ ਦੀ ਅਪੀਲ ਕੀਤਾ ਤਾਂ ਉਨ੍ਹਾਂ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ।
ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਿਲਾਫ਼ ਕੈਂਪ ਲਗਾਉਣ ਦੇ ਨਾਲ-ਨਾਲ ਤੇ ਨੁੱਕੜ ਨਾਟਕ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਲਗਾਤਾਰ ਜਬਤ ਕੀਤਾ ਜਾ ਰਿਹਾ ਹੈ। ਐਸਐਸਪੀ ਨੇ ਇਹ ਵੀ ਕਿਹਾ ਕਿ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦੇ ਉੱਤੇ ਕਾਬੂ ਪਾ ਕੇ ਤੇ ਆਉਣ ਵਾਲੀ ਪੀੜੀ ਨੂੰ ਇਸ ਦਲਦਲ ਤੋਂ ਬਚਾਇਆ ਜਾ ਸਕੇ। ਇਸ ਮੌਕੇ ਡਾ. ਅਰੁਣ ਕੁਮਾਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ।
ਬਰਨਾਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੋਸ਼ਿਸ਼ਾਂ ਜਾਰੀ: ਟੀ ਬੈਨਿਥ
ਬਰਨਾਲਾ (ਰਵਿੰਦਰ ਰਵੀ): ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਟੀ. ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਰਿਕਾਰਡ ਦੀ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਕੀਤੀ ਤੇ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ।