ਮਹਿਲ ਕਲਾਂ ਹਲਕੇ ਦੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਪਿੰਡਾਂ ਵਿੱਚ ਅੱਜ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ. ਬੈਨਿਥ ਅਤੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਮੀਂਹ ਕਾਰਨ ਡਿੱਗੇ ਘਰਾਂ ਅਤੇ ਫ਼ਸਲਾਂ ਦਾ ਵੀ ਜਾਇਜ਼ਾ ਲਿਆ ਅਤੇ ਪਿੰਡਾਂ ’ਚ ਸਥਾਪਤ ਕੀਤੇ ਰਾਹਤ ਕੈਂਪਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਰਾਏਸਰ ਪੰਜਾਬ, ਚੰਨਣਵਾਲ ਅਤੇ ਸਹੌਚ ਦਾ ਦੌਰਾ ਕੀਤਾ। ਇਨ੍ਹਾਂ ਪਿੰਡਾਂ ’ਚ ਲਗਾਤਾਰ ਪੈ ਰਹੇ ਮੀਂਹ ਕਾਰਨ ਅਸੁਰੱਖਿਅਤ ਹੋਈਆਂ ਇਮਾਰਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਥਾਵਾਂ ’ਚ ਨਾ ਬੈਠਣ ਅਤੇ ਆਪਣੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨਾਲ ਰਾਬਤਾ ਕਰਕੇ ਪਿੰਡਾਂ ’ਚ ਬਣੇ ਰਾਹਤ ਕੈਂਪਾਂ ’ਚ ਸ਼ਿਫਟ ਹੋ ਜਾਣ।
ਉਨ੍ਹਾਂ ਪਿੰਡ ਚੰਨਣਵਾਲ ਦੇ ਸਰਕਾਰੀ ਸੀਨੀਅਰ ਸਕੂਲ ਵਿੱਚ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ ’ਚ ਰਹਿ ਰਹੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਘਰ ਦੀਆਂ ਇਮਾਰਤਾਂ ਮੀਂਹ ਕਾਰਨ ਖ਼ਰਾਬ ਹੋ ਗਈਆਂ ਹਨ ਇਨ੍ਹਾਂ ਨੂੰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਇਨ੍ਹਾਂ ਕੈਂਪਾਂ ’ਚ ਮੌਜੂਦ ਲੋਕਾਂ ਦਾ ਹਾਲ ਜਾਣਿਆ ਅਤੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਖਾਣ ਪੀਣ ਅਤੇ ਰਹਿਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਡੀਸੀ ਬੈਨਿਥ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਬਰਨਾਲਾ ’ਚ ਕੁੱਲ 30 ਕੈਂਪ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚ 440 ਲੋਕਾਂ ਨੂੰ ਸ਼ਿਫਟ ਕੀਤਾ ਗਿਆ ਹੈ। ਐੱਸਐੱਸਪੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਨਿਰੰਤਰ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਜਾ ਰਿਹਾ ਹੈ।