ਅਫਸਰਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਅਤੇ ਐੱਸ ਐੱਸ ਪੀ ਬਰਨਾਲਾ ਸਰਫ਼ਰਾਜ਼ ਆਲਮ ਨੇ ਬਲਾਕ ਸ਼ਹਿਣਾ ਦੇ ਪਿੰਡ ਉੱਗੋਕੇ, ਜੋਧਪੁਰ, ਸ਼ਹਿਣਾ ਸਮੇਤ ਦਰਜਨਾਂ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਆ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਚੈਕਿੰਗ ਕੀਤਾ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਾਂ ਲਈ ਸਬਸਿਡੀ ਉੱਤੇ ਮਸ਼ੀਨਾਂ ਦਿੱਤੀਆਂ ਗਈਆਂ ਹਨ। ਕਿਸਾਨ ਇਨ੍ਹਾਂ ਮਸ਼ੀਨਾਂ ਦੀ ਸੁਚੱਜੀ ਵਰਤੋਂ ਕਰਨ ਤੇ ਆਪਣੇ ਪਰਿਵਾਰਾਂ ਨੂੰ ਪਰਾਲੀ ਦੇ ਧੂੰਏਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਪਰਾਲੀ ਦੇ ਡੰਪਾਂ ਨਾਲ ਜਿੱਥੇ ਪਰਾਲੀ ਇਕੱਠੀ ਕੀਤੀ ਗਈ ਹੈ, ਉੱਥੇ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦਾ ਸਾਧਨ ਵੀ ਬਣੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜਿੱਥੇ ਵੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਉੱਥੇ ਨਿਯਮਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ।
