ਡੀ ਸੀ ਨੇ ਨਗਰ ਨਿਗਮ ਦਫ਼ਤਰ ਦਾ ਨਿਰੀਖਣ ਕੀਤਾ
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਅਚਨਚੇਤ ਨਗਰ ਨਿਗਮ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਾਰੀਆਂ ਬਰਾਚਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਸਬੰਧਤ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ। ਜਿਹੜੇ ਕਰਮਚਾਰੀ ਗੈਰਹਾਜ਼ਰ ਪਾਏ ਗਏ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਜ਼ਿਕਰਯੋਗ ਹੈ ਕਿ ਬਰਨਾਲਾ ਨਗਰ ਨਿਗਮ ਬਨਣ ਤੋਂ ਪਹਿਲਾਂ ਨਗਰ ਕੌਂਸਲ ਬਰਨਾਲਾ ਦਾ ਪਿਛਲੇ ਕਈ ਸਾਲਾਂ ਤੋਂ ਕਿਸੇ ਅਧਿਕਾਰੀ ਵੱਲੋਂ ਨਿਰੀਖਣ ਹੀ ਨਹੀਂ ਕੀਤਾ ਗਿਆ ਸੀ। ਅੱਜ ਡਿਪਟੀ ਕਮਿਸ਼ਨਰ ਦੇ ਅਚਨਚੇਤ ਨਿਰੀਖਣ ਕਾਰਨ ਮੁਲਾਜ਼ਮਾਂ ’ਚ ਡਰ ਸਾਫ ਦੇਖਿਆ ਜਾ ਰਿਹਾ ਸੀ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੇਟ-ਲਤੀਫੀ ਅਤੇ ਕਿਸੇ ਵੀ ਤਰ੍ਹਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅੱਜ ਸਵੇਰੇ ਪ੍ਰਾਪਰਟੀ ਟੈਕਸ, ਲਾਇਸੈਂਸ, ਜਨਮ ਮੌਤ ਦਰ, ਬਿਲਡਿੰਗ, ਵਰਕਸ ਆਦਿ ਸ਼ਖਾਵਾਂ ਦਾ ਦੌਰਾ ਕੀਤਾ ਅਤੇ ਕੰਮਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨਹੀਂ ਆਉਣੀਆਂ ਚਾਹੀਦੀਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਾਰੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਕਿ ਲੋਕਾਂ ਨੂੰ ਸਮਾਂਬੱਧ ਅਤੇ ਸੁਚੱਜੇ ਤਰੀਕੇ ਨਾਲ ਸਹੂਲਤਾਂ ਅਤੇ ਸੇਵਾਵਾਂ ਦਿੱਤੀਆਂ ਜਾ ਸਕਣ।
