ਡੀਸੀ ਵੱਲੋਂ ਹੰਢਿਆਇਆ ਤੇ ਦਾਨਗੜ੍ਹ ’ਚ ਖੇਡ ਸਟੇਡੀਅਮਾਂ ਦਾ ਜਾਇਜ਼ਾ
ਕੁਲਦੀਪ ਸੂਦ
ਹੰਢਿਆਇਆ, 4 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਸਟੇਡੀਅਮਾਂ ਤੇ ਸਪੋਰਟਸ ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਇਹ ਗੱਲਾਂ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਹੰਢਿਆਇਆ ਤੇ ਪਿੰਡ ਦਾਨਗੜ੍ਹ ਵਿਚ ਸਟੇਡੀਅਮਾਂ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਹੀਆਂ। ਉਨ੍ਹਾਂ ਹੰਢਿਆਇਆ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਸਟੇਡੀਅਮ ਦਾ ਕਰੀਬ 32 ਲੱਖ ਦੀ ਲਾਗਤ ਨਾਲ ਅਪਗ੍ਰੇਡੇਸ਼ਨ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਵਲੋਂ ਠੇਕੇਦਾਰ ਨੂੰ ਜਲਦ ਤੋਂ ਜਲਦ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ।
ਡਿਪਟੀ ਕਮਿਸ਼ਨਰ ਨੇ ਪਿੰਡ ਦਾਨਗੜ੍ਹ ਵਿੱਚ ਕਰੀਬ 25 ਲੱਖ ਦੀ ਲਾਗਤ ਨਾਲ ਚੱਲ ਰਹੇ ਸਪੋਰਟਸ ਪਾਰਕ ਦੇ ਕੰਮ ਦਾ ਜਾਇਜ਼ਾ ਲਿਆ, ਜਿੱਥੇ ਕਬੱਡੀ ਖੇਡ ਦਾ ਮੈਦਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਲਏ ਅਤੇ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ, ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਹੰਢਿਆਇਆ ਵਿਸ਼ਾਲਦੀਪ, ਜੇਈ ਸੁਭਾਸ਼ ਚੰਦ ਤੇ ਹੋਰ ਅਧਿਕਾਰੀ ਹਾਜ਼ਰ ਸਨ।